ਨਵੀਂ ਦਿੱਲੀ 02 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ) : ਭਾਰਤ ਨੇ ਪਾਕਿਸਤਾਨ ਦੇ ਫਾਰੂਕਾਬਾਦ ਸਥਿਤ 125 ਸਾਲ ਪੁਰਾਣੇ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਗੁਰਦੁਆਰੇ ਨੂੰ ਢਾਹੁਣ ਦੀ ਘਟਨਾ ਨੂੰ ਬਹੁਤ ਦੁਖਦਾਈ ਅਤੇ ਨਿੰਦਣਯੋਗ ਦੱਸਦੇ ਹੋਏ ਸਖ਼ਤ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜਾਇਸਵਾਲ ਨੇ ਕਿਹਾ, ‘‘ਅਸੀਂ ਇਸ ਇਤਿਹਾਸਕ ਅਤੇ ਪਵਿੱਤਰ ਗੁਰਦੁਆਰੇ ਨੂੰ ਤੋੜੇ ਜਾਣ ਦੀ ਰਿਪੋਰਟ ਦੇਖੀ ਹੈ। ਅਸੀਂ ਇਸ ਅਤਿਅੰਤ ਨਿੰਦਣਯੋਗ ਅਤੇ ਮਿੱਥ ਕੇ ਭੰਨ-ਤੋੜ ਕਰਨ ਦੀ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਾਂ। ਇਸ ਮਾਮਲੇ ਵਿਚ ਸਥਾਨਕ ਪ੍ਰਸ਼ਾਸਨ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਵੱਲੋਂ ਕੋਈ ਠੋਸ ਕਾਰਵਾਈ ਨਾ ਕਰਨ ਦੀਆਂ ਖ਼ਬਰਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ।’’

ਜਾਇਸਵਾਲ ਨੇ ਕਿਹਾ ਕਿ ਇਹ ਕੋਈ ਇਕੱਲੀ ਘਟਨਾ ਨਹੀਂ ਹੈ। ਪਾਕਿਸਤਾਨ ਵਿਚ ਧਾਰਮਿਕ ਘੱਟ-ਗਿਣਤੀ ਭਾਈਚਾਰਿਆਂ ਅਤੇ ਉਨ੍ਹਾਂ ਦੇ ਪੂਜਾ ਅਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਜਾਰੀ ਹਨ। ਭਾਰਤ ਨੇ ਪਾਕਿਸਤਾਨ ਸਰਕਾਰ ਤੋਂ ਇਸ ਘਟਨਾ ਦੀ ਤੁਰੰਤ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਭਾਰਤ ਨੇ ਇਹ ਵੀ ਕਿਹਾ ਹੈ ਕਿ ਗੁਰਦੁਆਰੇ ਦੇ ਤੋੜੇ ਗਏ ਹਿੱਸਿਆਂ ਦਾ ਜਲਦੀ ਪੁਨਰ ਨਿਰਮਾਣ ਕੀਤਾ ਜਾਵੇ ਅਤੇ ਘੱਟ-ਗਿਣਤੀ ਸਮੂਹਾਂ ਦੀ ਸੁਰੱਖਿਆ ਅਤੇ ਭਲਾਈ ਯਕੀਨੀ ਬਣਾਈ ਜਾਵੇ। ਭਾਰਤ ਨੇ ਪਾਕਿਸਤਾਨ ਵਿਚ ਫ਼ਿਰਕੂ ਹਿੰਸਾ ਅਤੇ ਧਾਰਮਿਕ ਅਸਹਿਣਸ਼ੀਲਤਾ ਦੇ ਚੱਲ ਰਹੇ ਮਾਹੌਲ ਨੂੰ ਖ਼ਤਮ ਕਰਨ ਦੀ ਵੀ ਮੰਗ ਕੀਤੀ ਹੈ। ਭਾਰਤ ਨੇ ਪਾਕਿਸਤਾਨ ਨੂੰ ਯਾਦ ਦਿਵਾਇਆ ਕਿ ਉਹ ਆਪਣੇ ਘੱਟ-ਗਿਣਤੀ ਭਾਈਚਾਰਿਆਂ ਪ੍ਰਤੀ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਨੂੰ ਨਿਭਾਵੇ। ਜਾਇਸਵਾਲ ਨੇ ਕਿਹਾ ਕਿ ਪਾਕਿਸਤਾਨ ਨੂੰ ਆਪਣੇ ਘੱਟ-ਗਿਣਤੀ ਸਮੂਹਾਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਉੱਥੇ ਫ਼ਿਰਕੂ ਹਿੰਸਾ ਅਤੇ ਧਾਰਮਿਕ ਅਸਹਿਣਸ਼ੀਲਤਾ ਦੇ ਮਾਹੌਲ ਨੂੰ ਖ਼ਤਮ ਕਰਨਾ ਚਾਹੀਦਾ ਹੈ। ਇਹ ਘਟਨਾ ਸਿੱਖ ਭਾਈਚਾਰੇ ਲਈ ਬਹੁਤ ਹੀ ਦੁਖਦਾਇਕ ਹੈ, ਕਿਉਂਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ 125 ਸਾਲ ਪੁਰਾਣਾ ਇਤਿਹਾਸਕ ਧਾਰਮਿਕ ਅਸਥਾਨ ਹੈ। ਭਾਰਤ ਸਰਕਾਰ ਨੇ ਪਹਿਲਾਂ ਵੀ ਪਾਕਿਸਤਾਨ ਵਿਚ ਘੱਟ-ਗਿਣਤੀਆਂ ’ਤੇ ਹੋ ਰਹੇ ਜ਼ੁਲਮਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।