ਚੰਡੀਗੜ੍ਹ, 17 ਦਸੰਬਰ 2024 (ਪੰਜਾਬੀ ਖਬਰਨਾਮਾ ਬਿਊਰੋ ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਹੜੀ ਤੋਂ ਬਾਅਦ ਪਟਿਆਲਾ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਵੱਖਰੀ ਕਿਸਮ ਦਾ ਹੋਟਲ ਲੋਕਾਂ ਨੂੰ ਸਮਰਪਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੀਪੀਪੀ ਮੋਡ ’ਤੇ ਬਣਾਇਆ ਗਿਆ ਇਹ ਹੋਟਲ ਸੁਹਜ-ਸੁੰਦਰਤਾ ਨਾਲ ਡਿਜ਼ਾਈਨ ਕੀਤਾ ਗਿਆ ਹੈ ਅਤੇ ਇਹ ਆਪਣੇ ਆਰਾਮ, ਮਹਿਮਾਨ ਨਿਵਾਜ਼ੀ ਅਤੇ ਸੁੰਦਰਤਾ ਨਾਲ ਨਵਾਂ ਮਾਪਦੰਡ ਸਥਾਪਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਡੈਸਟੀਨੇਸ਼ਨ ਵੈਡਿੰਗ ਲਈ ਇੱਕ ਪਸੰਦੀਦਾ ਸਥਾਨ ਬਣੇਗਾ ਤੇ ਪਟਿਆਲਾ ਵਿਚ ਸੈਰ-ਸਪਾਟਾ ਨੂੰ ਵੱਡਾ ਹੁਲਾਰਾ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੌਵੇਂ ਗੁਰੂ ਸਾਹਿਬ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਸੂਬੇ ਵਿਚ ਸਮਾਗਮਾਂ ਦੀ ਲੜੀ ਕਰਵਾਈ ਜਾਵੇਗੀ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ। ਮਾਨ ਨੇ ਸੈਰ-ਸਪਾਟਾ ਵਿਭਾਗ ਨੂੰ ਮਹਾਨ ਸਿੱਖ ਗੁਰੂ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਵਿਸਥਾਰਤ ਪ੍ਰੋਗਰਾਮ ਉਲੀਕਣ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਆਜ਼ਾਦੀ ਦੇ ਅਧਿਕਾਰ ਦੀ ਰੱਖਿਆ ਅਤੇ ਮਨੁੱਖੀ ਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਮਾਨ ਨੇ ਕਿਹਾ ਕਿ ਸਿੱਖਾਂ ਦੇ ਨੌਵੇਂ ਗੁਰੂ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਸਾਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਨੌਵੇਂ ਗੁਰੂ ਸਾਹਿਬ, ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਮੌਕੇ ਨੂੰ ਧਾਰਮਿਕ ਅਤੇ ਸੰਸਕ੍ਰਿਤਿਕ ਰੂਪ ਵਿੱਚ ਮਹੱਤਵ ਦਿੱਤਾ ਜਾਵੇਗਾ।