Yoga Classes

ਫ਼ਰੀਦਕੋਟ, 07 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਦੇ ਬਿਹਤਰੀਨ ਪ੍ਰੋਗਰਾਮ ਸੀ.ਐਮ. ਦੀ ਯੋਗਸ਼ਾਲਾ ਦਾ ਜਿਲ੍ਹੇ ਦੇ ਵੱਧ ਤੋਂ ਵੱਧ ਲੋਕ ਲਾਭ ਉਠਾ ਕੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਨਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤਾ ।

 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਪੰਜਾਬ ਵਿਚ ਪ੍ਰਮਾਣਿਤ ਯੋਗ ਟੀਚਰਾਂ ਦੀ ਇਕ ਟੀਮ ਸਥਾਪਿਤ ਕੀਤੀ ਗਈ ਹੈ,  ਜੋ ਯੋਗ ਨੂੰ ਘਰ-ਘਰ ਤੱਕ ਪਹੰਚਾ ਰਹੀ ਹੈ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇਕ ਜਨ ਅੰਦੋਲਨ ਵਿਚ ਬਦਲਿਆ ਜਾ ਗਿਆ ਹੈ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿਚ ਯੋਗ ਟਰੇਨਰਾਂ ਦੁਆਰਾ ਸਵੇਰੇ 05.00 ਵਜੇ ਤੋਂ ਸ਼ੁਰੂ ਹੋ ਕੇ 11.30 ਵਜੇ ਤੱਕ ਅਤੇ ਦੁਪਹਿਰ 2.30 ਵਜੇ ਤੋਂ ਸ਼ਾਮ 7:00 ਵਜੇ ਤੱਕ ਯੋਗ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ । ਜਿਸ ਨਾਲ ਲੋਕਾਂ ਨੂੰ ਸਰਵਾਈਕਲ, ਬੈਕਪੇਨ, ਗੋਡਿਆਂ ਦਾ ਦਰਦ, ਸ਼ੂਗਰ, ਮਾਨਸਿਕ ਤਨਾਅ, ਸਾਈਟਿਕਾ, ਮੋਟਾਪਾ, ਮਾਈਗਰੇਨ ਆਦਿ ਰੋਗਾਂ ਤੋਂ ਲੋਕਾਂ ਨੂੰ ਲਾਭ ਮਿਲਿਆ ਹੈ।

ਜ਼ਿਲ੍ਹਾ ਕੁਆਰਡੀਨੇਟਰ ਯੋਗਾ  ਮੈਡਮ ਨੇਹਾ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ 36 ਕਲਾਸਾਂ, ਕੋਟਕਪੂਰਾ ਵਿਖੇ 24 ਅਤੇ ਜੈਤੋ ਵਿਖੇ 12 ਕੁੱਲ 72 ਦੇ ਕਰੀਬ ਯੋਗ ਕਲਾਸਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੀ ਯੋਗ ਕਲਾਸਾਂ ਨਾਲ ਜਨਤਾ ਨੂੰ ਸਰੀਰਕ ਅਤੇ ਮਾਨਸਿਕ ਸਿਹਤ ਸਬੰਧੀ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗ ਕਲਾਸਾਂ ਵਿੱਚ 3600 ਲੋਕਾਂ ਵੱਲੋਂ ਆਪਣੀ ਰਜਿਸਟਰੇਸ਼ਨ ਕਰਵਾਈ ਗਈ ਹੈ ।

ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।