Parampal Kaur Sidhu VRS canceled(ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਅਸਤੀਫਾ ਮਨਜੂਰ ਨਹੀਂ ਕੀਤਾ ਹੈ। ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦੀਆਂ ਸੇਵਾਵਾਂ ਨੂੰ ਬਹਾਲ ਰੱਖਦਿਆਂ VRS (ਸਮੇਂ ਤੋਂ ਪਹਿਲਾਂ ਸੇਵਾ ਮੁਕਤੀ) ਨੂੰ ਰੱਦ ਕਰ ਦਿੱਤਾ ਹੈ।
ਦੱਸ ਦਈਏ ਕਿ ਪੰਜਾਬ ਦੀ ਮਹਿਲਾ ਆਈਏਐਸ ਪਰਮਪਾਲ ਕੌਰ ਸਿੱਧੂ (IAS Parampal Kaur Sidhu) ਨੇ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਇਸ ਸਮੇਂ ਪੰਜਾਬ ਉਦਯੋਗਿਕ ਵਿਭਾਗ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਪੰਜਾਬ ਕਾਡਰ ਦੀ ਮਹਿਲਾ ਅਧਿਕਾਰੀ ਪਰਮਪਾਲ ਕੌਰ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਪਰਮਪਾਲ ਕੌਰ ਸਿੱਧੂ ਨੇ ਆਪਣਾ ਅਸਤੀਫਾ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜਿਆ ਸੀ, ਜਿਸ ਤੋਂ ਬਾਅਦ ਉਹ ਮਨਜੂਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਕੋਲ ਗਿਆ, ਪਰ ਅਸਤੀਫੇ ਨੂੰ ਮਨਜ਼ੂਰੀ ਨਹੀਂ ਮਿਲੀ।
