ਗੁਰਦਾਸਪੁਰ, 9 ਮਈ (ਪੰਜਾਬੀ ਖ਼ਬਰਨਾਮਾ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਗੁਰਦਾਸਪੁਰ ਤਾਇਨਾਤ ਮੁੱਖ ਖੇਤੀਬਾੜੀ ਅਧਿਕਾਰੀ ਡਾ. ਸੁਰਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੁਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਸ ਦੇ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਨ ਅਤੇ ਚਮੜੀ ਦੇ ਰੋਗਾਂ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਆਲਮੀ ਤਪਸ਼ ਵਧਣ ਨਾਲ ਹੋ ਰਹੀਆਂ ਮੌਸਮੀ ਤਬਦੀਲੀਆਂ ਦੇ ਪ੍ਰਤੀਕੂਲ ਪ੍ਰਭਾਵ ਪਿਛਲੇ ਸਾਲਾਂ ਦੌਰਾਨ ਫ਼ਸਲਾਂ ਦੀ ਕਾਸ਼ਤ ਉੱਪਰ ਪ੍ਰਤੱਖ ਰੂਪ ਵਿੱਚ ਦੇਖਣ ਨੂੰ ਮਿਲ ਰਹੇ ਹਨ, ਜਿਸ ਦੇ ਨਤੀਜੇ ਵਜੋਂ ਬੇਮੌਸਮੀ ਬਰਸਾਤਾਂ ਨਾਲ ਅਚਨਚੇਤ ਹੜ੍ਹ ਆ ਰਹੇ ਹਨ ਅਤੇ ਦਿਨ ਦਾ ਤਾਪਮਾਨ ਵਧਣ ਕਾਰਨ ਸੋਕੇ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਅਨੁਸਾਰ ਮੌਸਮੀ ਤਬਦੀਲੀਆਂ ਕਾਰਨ ਫ਼ਸਲਾਂ ਨੂੰ ਲੱਗਣ ਵਾਲੇ ਕੀੜਿਆਂ ਮਕੌੜਿਆਂ ਅਤੇ ਬਿਮਾਰੀਆਂ ਵਿੱਚ ਬਦਲਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਨੂੰ ਤਰਜੀਹ ਦੇਣੀ ਪਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ 20 ਬਲਾਕ ਨੋਡਲ ਅਫ਼ਸਰ, 74 ਕਲੱਸਟਰ ਕੋਆਰਡੀਨੇਟਰ ਅਤੇ 285 ਪਿੰਡ ਨੋਡਲ ਅਫ਼ਸਰ ਲਗਾਏ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੋਲ ਫ਼ਰੀ ਨੰਬਰ ਦਾ ਨੰਬਰ 18001801852 ਹੈ। ਉਨ੍ਹਾਂ ਦੱਸਿਆ ਕਿ ਨੋਡਲ ਅਫ਼ਸਰਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾ ਕੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ, ਹਰੇਕ ਪਿੰਡ ਵਿੱਚ ਗੁਰਦੁਆਰਿਆਂ ਅਤੇ ਮੰਦਰਾਂ ਰਾਹੀਂ ਅਨਾਊਂਸਮੈਂਟ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਖੇਤਾਂ ਵਿੱਚ ਲੱਗੀ ਅੱਗ ਨੂੰ ਬਝਾਉਣ ਲਈ ਜ਼ਿਲ੍ਹੇ ਵਿੱਚ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈ ਹਨ ਜੋ ਖੇਤਾਂ ਵਿੱਚ ਅੱਗ ਬੁਝਾਉਣ ਦਾ ਕੰਮ ਕਰ ਰਹੀਆਂ ਹਨ।