ਬਰਨਾਲਾ, 15 ਮਈ (ਪੰਜਾਬੀ ਖਬਰਨਾਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਸਖ਼ਤ ਗਰਮੀ ਦੇ ਸੰਭਾਵੀ ਮੌਸਮ ਨੂੰ ਵੇਖਦਿਆਂ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਾਅ ਲਈ ਵਿਸ਼ੇਸ਼ ਅਡਵਾਇਜਰੀ ਅਤੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ।

    ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਅਪਣੇ ਆਪ ਦਾ ਗਰਮੀ ਦੀ ਲਹਿਰ ਤੋਂ ਬਚਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂ ਦਾ ਅਸਰ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਅਤੇ ਨਵ ਜਨਮੇਂ ਬੱਚੇ,ਛੋਟੇ ਬੱਚੇ, ਗਰਭਵਤੀ ਔਰਤਾਂ, ਮਜ਼ਦੂਰ, ਕਿਸਾਨ ਜਾਂ ਖੁਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਲੋਕ, ਬੇਘਰੇ, ਸੜਕਾਂ ਕੰਢੇ ਜਾਂ ਫ਼ੁਟਪਾਥਾਂ ’ਤੇ ਰਹਿਣ ਵਾਲੇ ਲੋਕ, ਮਾਨਸਿਕ ਜਾਂ ਸਰੀਰਕ ਬੀਮਾਰੀ ਤੋਂ ਪੀੜਤ ਲੋਕ ਖ਼ਾਸਕਰ ਦਿਲ ਦੀ ਬੀਮਾਰੀ ਜਾਂ ਹਾਈ ਬਲੈੱਡ ਪ੍ਰੈਸ਼ਰ ਦੇ ਰੋਗੀ, ਮੋਟਾਪੇ ਤੋਂ ਪੀੜਤ ਲੋਕ, ਗਰਮ ਵਾਤਾਵਰਣ ਵਿੱਚ ਸਖ਼ਤ ਮਿਹਨਤ ਕਰਨ ਵਾਲੇ ਲੋਕ ਜਾਂ ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀ ਆਦਿ ‘ਤੇ ਜਿਆਦਾ ਅਸਰ ਹੁੰਦਾ  ਹਨ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ।

      ਸਹਾਇਕ ਸਿਵਲ ਸਰਜਨ ਡਾ. ਮਨੋਹਰ ਲਾਲ ਨੇ ਦੱਸਿਆ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ, ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਲੂ ਦੇ ਲੱਛਣਾਂ ਬਾਰੇ ਉਨ੍ਹਾਂ ਦੱਸਿਅਜ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ।

     ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ ਕੁਮਾਰ  ਨੇ ਦੱਸਿਆ ਕਿ ਗਰਮੀ ਤੋਂ ਬਚਾਅ ਲਈ ਪਾਣੀ ਜ਼ਿਆਦਾ ਪੀਓ, ਲੱਸੀ, ਨਿੰਬੂ ਪਾਣੀ, ਓ.ਆਰ.ਐਸ. ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਕਰੋ। ਹਲਕੇ ਰੰਗ ਦੇ ਕਪੜੇ ਪਾਓ। ਬਾਹਰ ਜਾਣ ’ਤੇ ਐਨਕ ਲਾਓ ਤੇ ਸਿਰ ਢੱਕ ਕੇ ਰੱਖੋ। ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਮੌਸਮ ਅਨੁਸਾਰ ਫਲ ਸਬਜੀਆਂ ਦੀ ਵੱਧ ਤੋਂ ਵੱਧ ਵਰਤੋਂ ਕਰੋ ।

ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ,ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਤੇ ਸਿਵਾਨੀ ਅਰੋੜਾ ਬਲਾਕ ਐਕਸਟੈਨਸਨ ਐਜੂਲੇਟਰ ਨੇ ਦੱਸਿਆ ਕਿ ਆਮ ਤੌਰ ’ਤੇ ਦੁਪਹਿਰ 12:00  ਵਜੇ ਤੋਂ ਦੁਪਹਿਰ ਬਾਅਦ 3:00 ਵਜੇ ਤੱਕ ਬਾਹਰ ਜਾਣ ਤੋਂ ਪ੍ਰਹੇਜ ਕੀਤਾ ਜਾਵੇ। ਘਰ ਨੂੰ ਠੰਡਾ ਰੱਖੋ, ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿੱਚ ਨਾ ਛੱਡੋ। ਤਿੱਖੀ ਧੁੱਪ ‘ਚ ਨੰਗੇ ਪੈਰ ਨਾ ਜਾਓ। ਗਰਮ ਪਦਾਰਥ ਚਾਹ, ਕੌਫ਼ੀ , ਤਲੀਆਂ ਮਸਾਲੇਦਾਰ ਅਤੇ ਬਾਸੀ ਖਾਣਾ ਨਾ ਖਾਓ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।