(ਪੰਜਾਬੀ ਖਬਰਨਾਮਾ) 17 ਮਈ : ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸਕੂਲਾਂ (Summer Vacation) ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।
ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ 1 ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਮੁਤਾਬਕ ਸਕੂਲ 30 ਜੂਨ ਤੱਕ ਬੰਦ ਰਹਿਣਗੇ। ਇਨ੍ਹਾਂ ਹੁਕਮਾਂ ਦੀਆਂ ਕਾਪੀਆਂ ਸਾਰੇ ਜ਼ਿਲ੍ਹਿਆਂ ਦੇ ਸਿੱਖਿਆ ਵਿਭਾਗ ਨੂੰ ਭੇਜੀਆਂ ਗਈਆਂ ਹਨ, ਜਿਸ ਵਿੱਚ ਨਿਯਮ ਤੋੜਨ ਉਤੇ ਵਿਭਾਗੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਉਧਰ, ਅਧਿਆਪਕ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਰਾਜ ਵਿਚ ਪੈ ਰਹੀ ਭਾਰੀ ਗਰਮੀ ਨੂੰ ਵੇਖਦਿਆਂ ਇਨ੍ਹਾਂ ਹੁਕਮਾਂ ਉਪਰ ਨਜ਼ਰਸਾਨੀ ਕਰਨੀ ਚਾਹੀਦੀ ਹੈ ਅਤੇ ਇਹ ਛੁੱਟੀਆਂ ਮਈ ਦੇ ਤੀਜੇ ਹਫ਼ਤੇ ਤੋਂ ਕਰਨ ਦੀ ਲੋੜ ਹੈ।
ਈਟੀਟੀ ਅਧਿਆਪਕ ਯੂਨੀਅਨ ਦੇ ਆਗੂ ਹਰਦੀਪ ਸਿੰਘ ਸਿੱਧੂ ਨੇ ਮੰਗ ਕੀਤੀ ਕਿ ਦੁਪਹਿਰ ਸਮੇਂ ਪਾਰਾ 44 ਡਿਗਰੀ ਤੋਂ ਪਾਰਾ ਹੋ ਜਾਂਦਾ ਹੈ, ਜਿਸ ਕਰਕੇ ਬੱਚਿਆਂ ਨੂੰ ਇਸ ਤੇਜ਼ ਧੁੱਪ ਦੌਰਾਨ ਘਰੇ ਜਾਣਾ ਸਭ ਤੋਂ ਵੱਧ ਔਖਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮੀ ਸਕੂਲਾਂ ਦੇ ਛੋਟੇ ਬੱਚਿਆਂ ਨੂੰ ਇਸ ਗਰਮੀ ਦਾ ਸਭ ਤੋਂ ਵੱਧ ਸ਼ਿਕਾਰ ਹੋਣ ਲੱਗੇ ਹਨ।