20 ਮਈ (ਪੰਜਾਬੀ ਖਬਰਨਾਮਾ):ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਰਈਸੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਉਨ੍ਹਾਂ ਨੇ ਕਿਹਾ, “ਮੈਂ ਰਈਸੀ ਦੀ ਅਚਾਨਕ ਮੌਤ ਤੋਂ ਸਦਮੇ ‘ਚ ਹਾਂ। ਉਨ੍ਹਾਂ ਨੇ ਭਾਰਤ-ਇਰਾਨ ਦੁਵੱਲੇ ਸਬੰਧਾਂ ਨੂੰ ਅੱਗੇ ਲਿਜਾਣ ‘ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਈਰਾਨ ਦੇ ਲੋਕਾਂ ਨਾਲ ਮੇਰੀ ਸੰਵੇਦਨਾ ਹੈ। ਇਸ ਮੁਸ਼ਕਿਲ ਸਮੇਂ ‘ਚ ਭਾਰਤ ਇਰਾਨ ਨਾਲ ਖੜ੍ਹਾ ਹੈ।”
ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਰਾਸ਼ਟਰਪਤੀ ਰਈਸੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, “ਮੈਂ ਜਨਵਰੀ ਵਿੱਚ ਹੀ ਉਨ੍ਹਾਂ ਨੂੰ ਮਿਲਿਆ ਸੀ। ਦਰਦਨਾਕ ਹਾਦਸੇ ਦੀ ਖ਼ਬਰ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਦੁਖੀ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।”ਦੱਸ ਦਈਏ ਕਿ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ 63 ਸਾਲ ਦੇ ਸਨ। ਉਨ੍ਹਾਂ ਦਾ ਹੈਲੀਕਾਪਟਰ ਐਤਵਾਰ ਸ਼ਾਮ ਕਰੀਬ 7 ਵਜੇ ਅਜ਼ਰਬਾਈਜਾਨ ਤੋਂ ਵਾਪਸ ਆਉਂਦੇ ਸਮੇਂ ਲਾਪਤਾ ਹੋ ਗਿਆ ਸੀ। ਰਾਸ਼ਟਰਪਤੀ ਦੇ ਨਾਲ ਜਹਾਜ਼ ‘ਚ 9 ਲੋਕ ਸਵਾਰ ਸਨ, ਜਿਨ੍ਹਾਂ ‘ਚ ਵਿਦੇਸ਼ ਮੰਤਰੀ ਹੁਸੈਨ ਅਮੀਰਬਦੁੱਲਾਯਾਨ ਵੀ ਸ਼ਾਮਲ ਸਨ। ਹਾਦਸੇ ਵਿੱਚ ਸਾਰਿਆਂ ਦੀ ਮੌਤ ਹੋ ਗਈ।