(ਪੰਜਾਬੀ ਖਬਰਨਾਮਾ) 22 ਮਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਵਾਸਤੇ ਆਉਂਦੀਆਂ ਸੰਸਦੀ ਚੋਣਾਂ ’ਚ ਆਮ ਆਦਮੀ ਪਾਰਟੀ (ਆਪ) ਨੂੰ ਰੱਦ ਕਰ ਦੇਣ ਅਤੇ ਉਹਨਾਂ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਗੁਆਂਢੀ ਰਾਜਾਂ ਨਾਲ ਕੀਤੇ ਗਏ ਪਾਣੀਆਂ ਦੇ ਸਮਝੌਤੇ ਰੱਦ ਕਰੇਗੀ। ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਇੱਥੇ ਫ਼ਰੀਦਕੋਟ, ਨਿਹਾਲ ਸਿੰਘ ਵਾਲਾ, ਧਰਮਕੋਟ ਤੇ ਮੋਗਾ ਵਿਚ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਜ਼ੋਰ ਦੇ ਕੇ ਕਿਹਾ ਕਿ ਰਾਜਸਥਾਨ ਕੋਲ ਪੰਜਾਬ ਦੇ ਦਰਿਆਈ ਪਾਣੀ ਹਾਸਲ ਕਰਨ ਦਾ ਕੋਈ ਹੱਕ ਨਹੀਂ ਹੈ ਕਿਉਂਕਿ ਉਹ ਗ਼ੈਰ ਰਾਈਪੇਰੀਅਨ ਰਾਜ ਹੈ। ਉਹਨਾਂ ਕਿਹਾ ਕਿ 1955 ਵਿਚ ਕਾਂਗਰਸ ਦੀ ਸਰਕਾਰ ਨੇ ਪੰਜਾਬ ਦਾ 16 ਐੱਮਏਐੱਫ ਪਾਣੀ ਰਾਜਸਥਾਨ ਨੂੰ ਦੇ ਦਿੱਤਾ ਸੀ। ਉਹਨਾਂ ਕਿਹਾ ਕਿ ਇਸ ਕਾਰਨ ਮਾਲਵਾ ਪੱਟੀ ਨੂੰ ਬਹੁਤ ਨੁਕਸਾਨ ਪੁੱਜਾ। ਉਹਨਾਂ ਕਿਹਾ ਕਿ ਅੱਜ ਜ਼ਮੀਨ ਹੇਠਾਂ ਕਈ ਥਾਵਾਂ ’ਤੇ ਪਾਣੀ 1500 ਫੁੱਟ ਹੇਠਾਂ ਚਲਾ ਗਿਆ ਹੈ ਤੇ ਉਥੇ ਖੇਤੀ ਵਾਸਤੇ ਪਾਣੀ ਯੋਗ ਨਹੀਂ ਰਿਹਾ। ਉਹਨਾਂ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਸੂਬੇ ਨਾਲ ਦਰਿਆਈ ਪਾਣੀਆਂ ਦੀ ਸਾਂਝ ਬਾਰੇ ਕੀਤੇ ਸਾਰੇ ਸਮਝੌਤੇ ਰੱਦ ਕਰਾਂਗੇ ਤਾਂ ਜੋ ਤੁਹਾਡੇ ਖੇਤਾਂ ਨੂੰ ਪਾਣੀ ਮਿਲ ਸਕੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮੁਤਾਬਕ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਹਿਰੀ ਪਟਵਾਰੀਆਂ ਤੇ ਮਾਲ ਵਿਭਾਗ ਦੇ ਸਟਾਫ ਨੂੰ ਹੁਕਮ ਦਿੱਤਾ ਹੈ ਕਿ ਉਹ ਜਾਅਲੀ ਸਰਵੇਖਣ ਤਿਆਰ ਕਰਨ ਕਿ ਪੰਜਾਬ ’ਚ 100 ਫ਼ੀਸਦੀ ਖੇਤਾਂ ਲਈ ਨਹਿਰੀ ਪਾਣੀ ਉਪਲਬਧ ਹੈ ਜਦੋਂ ਕਿ ਅਸਲ ਵਿਚ ਸਿਰਫ਼ 23 ਫ਼ੀਸਦੀ ਖੇਤਾਂ ਤੱਕ ਹੀ ਨਹਿਰੀ ਪਾਣੀ ਪਹੁੰਚਦਾ ਹੈ। ਉਹਨਾਂ ਕਿਹਾ ਕਿ ਅਜਿਹਾ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਕੀਤਾ ਜਾ ਰਿਹਾ ਹੈ ਜਿਹਨਾਂ ਨੇ ਪਹਿਲਾਂ ਹੀ ਹਰਿਆਣਾ ਤੇ ਦਿੱਲੀ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਉਹ ਐੱਸਵਾਈਐੱਲ ਨਹਿਰ ਦਾ ਪਾਣੀ ਲਿਆ ਕੇ ਦੇਣਗੇ। ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਤੁਹਾਨੂੰ ਸਿੰਜਾਈ ਸਹੂਲਤਾਂ ਮਿਲੀਆਂ ਤੇ ਤੁਹਾਡੇ ਖੇਤਾਂ ਵਿਚ ਅੰਡਰ ਗਰਾਉਂਡ ਪਾਈਪ ਵੀ ਪਾਏ ਗਏ। ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜਦੋਂ ਉਹਨਾਂ ਅਗਲੇ ਮਹੀਨੇ ਦੀ 1 ਤਰੀਕ ਨੂੰ ਵੋਟਾਂ ਪਾਉਣੀਆਂ ਹਨ ਤਾਂ ਉਹ 1 ਜੂਨ 1984 ਚੇਤੇ ਰੱਖਣ। ਉਹਨਾਂ ਕਿਹਾ ਕਿ ਤੁਸੀਂ ਚੇਤੇ ਰੱਖਿਓ ਕਿ ਇਸ ਦਿਨ ਸ੍ਰੀ ਦਰਬਾਰ ਸਾਹਿਬ ’ਤੇ ਇੰਦਰਾ ਗਾਂਧੀ ਨੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਸੀ। ਇਸ ਮਗਰੋਂ ਕਾਂਗਰਸ ਪਾਰਟੀ ਨੇ ਦਿੱਲੀ ਤੇ ਦੇਸ਼ ਦੇ ਹੋਰ ਸ਼ਹਿਰਾਂ ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ ਸੀ। ਉਹਨਾਂ ਕਿਹਾ ਕਿ ਕੀਤੇ ਗੁਨਾਹਾਂ ਲਈ ਕੋਈ ਵੀ ਪੰਜਾਬੀ ਕਾਂਗਰਸ ਨੂੰ ਮਾਫ਼ ਨਹੀਂ ਕਰ ਸਕਦਾ।
ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਕਿਵੇਂ ਕਾਂਗਰਸ ਤੇ ‘ਆਪ’ ਨੇ ਕਿਸਾਨਾਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਵਿਤਕਰਾ ਕੀਤਾ। ਹੁਣ ਸਮਾਂ ਆ ਗਿਆ ਹੈ ਕਿ ਜਿਹਨਾਂ ਦੋਵਾਂ ਪਾਰਟੀਆਂ ਨੇ ਝੂਠੇ ਵਾਅਦਿਆਂ ਨਾਲ ਤੁਹਾਡੇ ਨਾਲ ਧੋਖਾ ਕੀਤਾ, ਉਹਨਾਂ ਨੂੰ ਸਬਕ ਸਿਖਾਇਆ ਜਾਵੇ। ਪਾਰਟੀ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਕਿਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ ’ਤੇ ਆਰਐੱਸਐੱਸ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ। ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਦੀ ਸਥਾਪਨਾ ਵਿਚ ਕੇਂਦਰ ਸਰਕਾਰ ਦਾ ਵੀ ਪੂਰਾ ਹੱਥ ਹੈ ਤੇ ਜੇਕਰ ਤੁਸੀਂ ਆਪਣੀਆਂ ਵੋਟਾਂ ਨਾਲ ਇਸਨੂੰ ਨਾ ਰੋਕਿਆ ਤਾਂ ਇਹ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹੋਰ ਨੁਕਸਾਨ ਕਰੇਗਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ, ਬਲਦੇਵ ਸਿੰਘ ਮਾਣੂਕੇ, ਬਲਜਿੰਦਰ ਸਿੰਘ ਮੱਖਣ ਬਰਾੜ ਅਤੇ ਸਨੀ ਗਿੱਲ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਜਟਾਨਾ, ਸ਼ਾਮ ਲਾਲ ਬਜਾਜ, ਬੱਬਲ ਜਟਾਨਾ, ਬਲਜਿੰਦਰ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਨੰਬਰਦਾਰ ਵੀ ਹਾਜ਼ਰ ਸਨ।