ਸ੍ਰੀ ਅਨੰਦਪੁਰ ਸਾਹਿਬ 24 ਮਈ (ਪੰਜਾਬੀ ਖਬਰਨਾਮਾ) : ਡਾ. ਮਨੂੰ ਵਿਜ਼ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਦਲਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਦੀ ਯੋਗ ਅਗਵਾਈ ਵਿੱਚ ਬਲਾਕ ਕੀਰਤਪੁਰ ਸਾਹਿਬ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ।
ਬਲਵੰਤ ਰਾਏ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਸ਼ੁੱਕਰਵਾਰ ਨੂੰ ਡਰਾਈ ਡੇਅ ਤੌਰ ਤੇ ਮਨਾਇਆ ਗਿਆ, ਜਿਸ ਅਧੀਨ ਸਿਹਤ ਵਿਭਾਗ ਦੀਆ ਟੀਮਾਂ ਵਲੋਂ ਸਰਕਾਰੀ ਅਦਾਰਿਆਂ ਦੀਆਂ ਇਮਾਰਤਾਂ, ਰਹਾਇਸ਼ੀ ਇਮਾਰਤਾਂ, ਪਾਰਕਾਂ, ਸਲੰਮ ਖੇਤਰਾ ਵਿਖੇ ਪਾਣੀ ਦੇ ਜਮ੍ਹਾ ਕਰਨ ਵਾਲੇ ਸਰੋਤਾਂ ਨੂੰ ਚੈੱਕ ਕਰਕੇ ਖਾਲੀ ਕਰਵਾਇਆ ਗਿਆ ਅਤੇ ਲੋਕਾਂ ਨੂੰ ਪਾਣੀ ਦੇ ਸਰੋਤਾਂ ਨੂੰ ਹਰ ਹਫਤੇ ਸ਼ੁੱਕਰਵਾਰ ਨੂੰ ਇਕ ਵਾਰ ਖਾਲੀ ਕਰਕੇ ਸੁਕਾ ਕੇ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ ਘਰ ਜਾ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਘਰ ਵਿਚ ਅਤੇ ਆਲੇ ਦੁਆਲੇ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ।
ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟਾਈ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਹਰ ਹਫਤੇ ਇਕ ਵਾਰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋਵੇ ।
ਹੈਲਥ ਇੰਸਪੈਕਟਰ ਨੇ ਕਿਹਾ ਕਿ ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਨ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਜੇਕਰ ਕਿਸੇ ਵਿਅਕਤੀ ਨੂੰ ਇਸ ਬੁਖਾਰ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ਼ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਅਮਿਤ ਕੁਮਾਰ ਸ਼ਰਮਾ, ਸੁੱਚਾ ਸਿੰਘ, ਨਰੇਸ਼ ਕੁਮਾਰ ਹਾਜ਼ਰ ਸਨ।