21 ਜੂਨ (ਪੰਜਾਬੀ ਖਬਰਨਾਮਾ): ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਚੌਧਰੀ ਉਦੈ ਭਾਨ ਦੀ ਅਗਵਾਈ ਹੇਠ ਕਾਂਗਰਸ ਦੇ ਵਫਦ ਨੇ ਚੰਡੀਗੜ੍ਹ ਵਿੱਚ ਸੂਬੇ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕੀਤੀ।
ਕਾਂਗਰਸੀ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਹਾ ਕਿ ਹਰਿਆਣਾ ਵਿੱਚ ਵਿਧਾਨ ਸਭਾ ਭੰਗ ਕੀਤੀ ਜਾਵੇ ਅਤੇ ਜਲਦੀ ਤੋਂ ਜਲਦੀ ਚੋਣਾਂ ਕਰਵਾਈਆਂ ਜਾਣ। ਹੁੱਡਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਕਰਨਾਲ ਤੋਂ ਜ਼ਿਮਨੀ ਚੋਣ ਜਿੱਤਣ ਦੇ ਬਾਵਜੂਦ ਭਾਜਪਾ ਦੇ ਵਿਧਾਇਕਾਂ ਦੀ ਗਿਣਤੀ 41 ਹੈ। ਭਾਜਪਾ ਨੂੰ ਇੱਕ ਹਰਿਆਣਾ ਲੋਕ ਹਿੱਤ ਪਾਰਟੀ ਦੇ ਅਤੇ ਇਕ ਆਜ਼ਾਦ ਵਿਧਾਇਕ ਦੀ ਹਮਾਇਤ ਹਾਸਲ ਹੈ।
ਇਸ ਤਰ੍ਹਾਂ ਵੀ ਭਾਜਪਾ ਕੋਲ ਕੁੱਲ 43 ਵਿਧਾਇਕ ਹਨ, ਜਦੋਂਕਿ ਸੂਬੇ ਵਿੱਚ ਕੁੱਲ ਵਿਧਾਇਕਾਂ ਦੀ ਗਿਣਤੀ 87 ਹੈ ਅਤੇ ਬਹੁਮਤ ਦਾ ਅੰਕੜਾ 44 ਹੈ। ਹੁੱਡਾ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਕੋਲ ਬਹੁਮਤ ਨਹੀਂ ਹੈ, ਇਸ ਕਰਕੇ ਰਾਜਪਾਲ ਨੂੰ ਸੂਬੇ ਵਿੱਚ ਸਰਕਾਰ ਭੰਗ ਕਰਕੇ ਰਾਸ਼ਟਰਪਤੀ ਸ਼ਾਸਨ ਲਗਾਉਣਾ ਚਾਹੀਦਾ ਹੈ ਅਤੇ ਜਲਦ ਹੀ ਵਿਧਾਨ ਸਭਾ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।
ਇਸ ਤੋਂ ਪਹਿਲਾਂ ਵੀ ਕਾਂਗਰਸ ਨੇ 10 ਮਈ ਨੂੰ ਰਾਜਪਾਲ ਨੂੰ ਮੰਗ ਪੱਤਰ ਸੌਂਪਦੇ ਹੋਏ ਸੂਬਾ ਸਰਕਾਰ ਭੰਗ ਕਰਨ ਦੀ ਮੰਗ ਕੀਤੀ ਸੀ। ਹਰਿਆਣਾ ਕਾਂਗਰਸ ਦੇ ਪ੍ਰਧਾਨ ਚੌਧਰੀ ਉਦੈ ਭਾਨ ਨੇ ਕਿਹਾ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਨਕਾਰ ਦਿੱਤਾ ਹੈ। ਅਜਿਹੇ ਹਾਲਾਤ ਵਿੱਚ ਰਾਜਪਾਲ ਨੂੰ ਵੀ ਵਿਧਾਨ ਸਭਾ ਭੰਗ ਕਰ ਕੇ ਮੁੜ ਤੋਂ ਵਿਧਾਨ ਸਭਾ ਦੀ ਚੋਣ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਆਸਾਨੀ ਨਾਲ ਜਿੱਤ ਹਾਸਲ ਕਰੇਗੀ ਅਤੇ ਸਪੱਸ਼ਟ ਬਹੁਮਤ ਦਾ ਅੰਕੜਾ ਪਾਰ ਕਰਦੇ ਹੋਈ ਸਰਕਾਰ ਬਣਾਵੇਗੀ।