26 ਜੂਨ (ਪੰਜਾਬੀ ਖਬਰਨਾਮਾ):ਉੱਤਰੀ ਭਾਰਤ ਦੇ ਕਈ ਰਾਜਾਂ ਪੰਜਾਬ, ਹਰਿਆਣਾ, ਯੂਪੀ, ਚੰਡੀਗੜ੍ਹ ਅਤੇ ਦਿੱਲੀ ਵਿੱਚ ਨਮੀ ਵਾਲੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਪੰਜਾਬ ਦੇ ਗੁਆਂਢੀ ਸੂਬਿਆਂ ਵਿਚ ਮਾਨਸੂਨ ਪਹੁੰਚ ਗਿਆ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਇਕ ਦੋ ਦਿਨ ਵਿਚ ਪੰਜਾਬ ਵਿਚ ਮਾਨਸੂਨ ਦੀ ਐਂਟਰੀ ਹੋਣ ਵਾਲੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਪੰਜਾਬ ਵਿਚ ਮੌਸਮ ਬਦਲ ਗਿਆ ਹੈ। ਸੂਬੇ ਦੇ ਵੱਡੀ ਗਿਣਤੀ ਇਲਾਕਿਆਂ ਵਿਚ ਅੱਜ ਸਵੇਰ ਤੋਂ ਹੀ ਸੰਘਣੇ ਬੱਦਲ ਛਾਏ ਹੋਏ ਹਨ। ਪੰਜਾਬ ਦੇ ਮੁਹਾਲੀ, ਪਟਿਆਲਾ, ਸੰਗਰੂਰ, ਗੁਰਦਾਸਪੁਰ ਦੇ ਕਈ ਇਲਾਕਿਆਂ, ਬਠਿੰਡਾ, ਮਾਨਸਾ, ਬਰਨਾਲਾ ਸਣੇ ਕਈ ਇਲਾਕਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿਚ ਤਾਪਮਾਨ ਇਕਦਮ ਡਿੱਗੇਗਾ ਤੇ ਕਈ ਇਲਾਕਿਆਂ ਵਿਚ ਭਾਰੀ ਬਾਰਸ਼ ਹੋਵੇਗੀ।

ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਮਾਨਸੂਨ ਬਹੁਤ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਦੱਖਣ-ਪੱਛਮੀ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਤੱਕ ਪਹੁੰਚ ਗਿਆ ਹੈ। ਇਸ ਨਾਲ ਹੁਣ ਪੱਛਮੀ ਉੱਤਰ ਪ੍ਰਦੇਸ਼ ਦੇ ਦੱਖਣੀ ਹਿੱਸੇ ਤੱਕ ਮਾਨਸੂਨ ਦੇ ਪਹੁੰਚਣ ਦੀ ਸੰਭਾਵਨਾ ਹੈ।

ਆਈਐਮਡੀ ਦੁਆਰਾ ਜਾਰੀ ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ ਅੱਜ ਉੱਤਰ ਪ੍ਰਦੇਸ਼ ਵਿੱਚ ਕੁਝ ਥਾਵਾਂ ‘ਤੇ ਗਰਜ਼-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿਚ 28 ਅਤੇ 29 ਜੂਨ ਨੂੰ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਕਰਨਾਟਕ, ਕੇਰਲ, ਗੁਜਰਾਤ, ਵਿਦਰਭ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਅਗਲੇ 5 ਦਿਨਾਂ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਰਾਇਲਸੀਮਾ, ਤੇਲੰਗਾਨਾ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਬੀ ਉੱਤਰ ਪ੍ਰਦੇਸ਼ ਦੇ ਮੌਸਮ ਵਿਭਾਗ ਮੁਤਾਬਕ ਅੰਬੇਡਕਰ ਨਗਰ, ਅਮੇਠੀ, ਆਜ਼ਮਗੜ੍ਹ, ਕੌਸ਼ਾਂਬੀ, ਗਾਜ਼ੀਪੁਰ, ਗੋਰਖਪੁਰ, ਚੰਦੌਲੀ, ਚਿਤਰਕੂਟ, ਜੌਨਪੁਰ, ਪ੍ਰਯਾਗਰਾਜ, ਪ੍ਰਤਾਪਗੜ੍ਹ, ਫੈਜ਼ਾਬਾਦ, ਬਸਤੀ, ਮਿਰਜ਼ਾਪੁਰ, ਸੰਤ ਕਬੀਰ ਨਗਰ, ਸੰਤ ਰਵਿਦਾਸ ਨਗਰ, ਸਿਧਾਰਥਨਗਰ ਅਤੇ ਸੁਲਤਾਨਪੁਰ ‘ਚ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 4-5 ਦਿਨਾਂ ਦੌਰਾਨ ਉੱਤਰ-ਪੂਰਬੀ ਅਤੇ ਪੱਛਮੀ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਯੂਪੀ ਦੇ ਕੁਝ ਹਿੱਸਿਆਂ ਅਤੇ ਦਿੱਲੀ-ਐਨਸੀਆਰ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਬਿਹਾਰ ਅਤੇ ਝਾਰਖੰਡ ਵਿੱਚ ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।