(ਪੰਜਾਬੀ ਖਬਰਨਾਮਾ): ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੀ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਪੰਜ ਸਿੰਘ ਸਾਹਿਬਾਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਤਲਬ ਕੀਤਾ ਹੈ ਅਤੇ ਦੋਸ਼ਾਂ ਸਬੰਧੀ 15 ਦਿਨਾਂ ਵਿੱਚ ਸਪਸ਼ਟੀਕਰਨ ਦੇਣ ਲਈ ਕਿਹਾ ਹੈ।

ਹੁਣ ਇਸ ਉਤੇ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਨਤਮਸਤਕ ਹੋਵੇਗਾ।

ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ‘‘ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਨਤਮਸਤਕ ਹੋਵੇਗਾ।’’

ਦੱਸ ਦਈਏ ਕਿ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਇਕੱਤਰਤਾ ਵਿੱਚ ਇਹ ਮਾਮਲਾ ਵਿਚਾਰਿਆ ਗਿਆ। ਇਸੇ ਤਰ੍ਹਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਸਹੀ ਠਹਿਰਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਿੱਖ ਸੰਸਥਾ ਕੋਲੋਂ ਵੀ ਸਪਸ਼ਟੀਕਰਨ ਮੰਗਿਆ ਗਿਆ ਹੈ।

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਤੋਂ ਪੰਜ ਪਿਆਰਿਆਂ ਵਿੱਚੋਂ ਗਿਆਨੀ ਮੰਗਲ ਸਿੰਘ ਸ਼ਾਮਲ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।