ਚੰਡੀਗੜ੍ਹ, 19 ਜਨਵਰੀ (ਪੰਜਾਬ ਖਬਰਨਾਮਾ) ਪੰਜਾਬ ਸਰਕਾਰ ਨੇ ਪੰਜਾਬ ਦੇ ਸੀਨੀਅਰ ਐਡਵੋਕੇਟ ਜਨਰਲ ਇੰਦਰਪਾਲ ਸਿੰਘ ਧੰਨਾ ਨੂੰ ਰਾਜ ਦੇ ਮੁੱਖ ਸੂਚਨਾ ਕਮਿਸ਼ਨਰ ਦੇ ਖਾਲੀ ਪਏ ਅਹੁਦੇ ਤੇ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਸਲਾਹਕਾਰ ਬਲਤੇਜ ਸਿੰਘ ਪੰਨੂ ਵੀ ਹਾਜਰ ਸਨ।
ਦੱਸਣਯੋਗ ਹੈ ਕਿ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਇਸ ਵੇਲੇ ਪੰਜਾਬ ਸਰਕਾਰ ਦੇ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ਤੇ ਚਲੇ ਆ ਰਹੇ ਸਨ। ਯਾਦ ਰਹੇ ਕਿ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਇਹ ਅਹੁਦਾ ਕਾਫ਼ੀ ਸਮੇਂ ਤੋਂ ਖਾਲੀ ਪਿਆ ਸੀ।
ਇਸ ਤੋਂ ਇਲਾਵਾ ਪੰਜਾਬ ਸੂਚਨਾ ਕਮਿਸ਼ਨ ਦੇ ਦਫ਼ਤਰ ਵਿੱਚ ਇਸ ਵੇਲੇ ਸਿਰਫ ਦੋ ਹੀ ਸੂਚਨਾ ਕਮਿਸ਼ਨਰ ਤਾਇਨਾਤ ਹੈ ਜਿੰਨਾਂ ਦੇ ਅਹੁਦੇ ਦੀ ਮਿਆਦ ਵੀ ਬਿਲਕੁਲ ਨਜ਼ਦੀਕ ਹੈ। ਰਾਜ ਸਰਕਾਰ ਨੇ ਸਾਰੀਆਂ ਖਾਲੀ ਅਸਾਮੀਆਂ ਭਰਨ ਲਈ ਪਹਿਲਾਂ ਹੀ ਅਰਜੀਆਂ ਮੰਗੀਆਂ ਹੋਈਆਂ ਹਨ।