23 ਅਗਸਤ 2024 : ਪੰਜਾਬ ਪੁਲੀਸ ਨੇ ਖੰਨਾ ਦੇ ਸ਼ਿਵ ਮੰਦਰ ਵਿੱਚ ਚੋਰੀ ਦੇ ਮਾਮਲੇ ਨੂੰ ਹਫ਼ਤੇ ਵਿਚ ਹੀ ਸੁਲਝਾਉਂਦਿਆਂ ਧਾਰਮਿਕ ਸਥਾਨਾਂ ’ਤੇ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਇਸ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਅਪਰੇਸ਼ਨ ਚੰਡੀਗੜ੍ਹ, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਪੁਲੀਸ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਗਿਆ। ਮੁਲਜ਼ਮਾਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਜ਼ਿਲ੍ਹਾ ਸ਼ਹੀਦ ਊਧਮ ਸਿੰਘ ਨਗਰ ਉੱਤਰਾਖੰਡ, ਰੂਪਨਗਰ ਦੇ ਰਵੀ ਕੁਮਾਰ, ਮਹਿੰਦਪੁਰ ਦੇ ਹਨੀ ਅਤੇ ਉੱਤਰ ਪ੍ਰਦੇਸ਼ ਲਖਨਊ ਦੇ ਰਾਜੀਵ ਕੁਮਾਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ 15 ਅਗਸਤ ਨੂੰ ਤੜਕੇ ਇਹ ਸਾਰੇ ਜਣੇ ਸ਼ਿਵਪੁਰੀ ਮੰਦਰ ਖੰਨਾ ’ਚ ਖਿੜਕੀਆਂ ਰਾਹੀਂ ਦਾਖ਼ਲ ਹੋਏ ਅਤੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ। ਇਸ ਦੌਰਾਨ ਇਨ੍ਹਾਂ ਨੇ ਸ਼ਿਵਲਿੰਗ ਦੀ ਬੇਅਦਬੀ ਵੀ ਕੀਤੀ। ਡੀਜੀਪੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਮੰਦਰ ਵਿੱਚੋਂ ਚੋਰੀ ਕੀਤੀ 3.63 ਕਿੱਲੋ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਰੋਹ ਤਾਮਿਲਨਾਡੂ ਅਤੇ ਤਿਲੰਗਾਨਾ ਦੇ ਮੰਦਰਾਂ ਵਿੱਚ ਲੁੱਟਾਂ-ਖੋਹਾਂ ਕਰਨ ਦੀ ਯੋਜਨਾ ਬਣਾ ਰਿਹਾ ਸੀ ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਖੰਨਾ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਸੌਰਵ ਜਿੰਦਲ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਸ ਦੌਰਾਨ ਪਤਾ ਲੱਗਿਆ ਕਿ ਇਹ ਗਰੋਹ ਮੰਦਰਾਂ ਅਤੇ ਹੋਰ ਧਾਰਮਿਕ ਸਥਾਨਾਂ ਵਿੱਚ ਚੋਰੀਆਂ ਨੂੰ ਅੰਜਾਮ ਦਿੰਦਾ ਹੈ। ਇਸ ਤੋਂ ਬਾਅਦ ਵਿਸ਼ੇਸ਼ ਪੁਲੀਸ ਟੀਮਾਂ ਨੇ ਪੰਜਾਬ ਅਤੇ ਹੋਰ ਰਾਜਾਂ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਛਾਪੇ ਮਾਰੇ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪੁਲੀਸ ਦੀ ਮਦਦ ਨਾਲ ਰਵੀ ਕੁਮਾਰ ਨੂੰ ਚੰਡੀਗੜ੍ਹ ਅਤੇ ਹਨੀ ਨੂੰ ਰੋਪੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗਰੋਹ ਦੇ ਇਕ ਸਾਥੀ ਮੋਹਿਤ ਵਾਸੀ ਯੂਪੀ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।
ਐਸਐਸਪੀ ਅਨੁਸਾਰ ਮੁਲਜ਼ਮਾਂ ਨੇ ਮੰਦਰ ਵਿਚ ਚੋਰੀ ਕਰਨ ਨੂੰ ਕਬੂਲਿਆ ਹੈ। ਇਨ੍ਹਾਂ ਖਿਲਾਫ਼ ਹੋਰ ਵੀ ਧਾਰਮਿਕ ਸਥਾਨਾਂ ’ਤੇ ਚੋਰੀ ਕਰਨ ਸਬੰਧੀ ਵੱਖ ਵੱਖ ਸੂਬਿਆਂ ਵਿਚ ਕੇਸ ਦਰਜ ਹਨ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਚੋਰੀ ਕਰਨ ਉਪਰੰਤ ਸੋਨਾ ਤੇ ਚਾਂਦੀ ਅੱਗੇ ਰਾਜੀਵ ਕੁਮਾਰ ਉਰਫ਼ ਸੋਨੀ ਵਾਸੀ ਯੂਪੀ ਨੂੰ ਵੇਚਦੇ ਸਨ ਜਿਸ ’ਤੇ ਕਾਰਵਾਈ ਕਰਦਿਆਂ ਉਕਤ ਸੁਨਿਆਰੇ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ।