4 ਸਤੰਬਰ 2024 : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ(Sri Guru Granth sahib) ਦੇ ਪਹਿਲੇ ਪ੍ਰਕਾਸ਼ ਦਿਹਾੜੇ(First parkash purab) ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ(Ramsar sahib) ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri harmandir sahib)ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤ ਪੁੱਜੀ ਹੋਈਆਂ ਹੈ।
ਨਗਰ ਕੀਰਤਨ(Nagar Kirtan) ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਇਸੇ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ। ਜਥੇਦਾਰ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਆਪਣੇ ਇਸਟ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।
ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਗੁਰਿੰਦਰ ਸਿੰਘ, ਬਲਵਿੰਦਰ ਸਿੰਘ, ਮੈਨੇਜਰ ਭਗਵੰਤ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ ਆਦਿ ਮੌਜੂਦ ਸਨ।