24 ਸਤੰਬਰ 2024 : ਮਹਾਨ ਸੂਫੀ ਸੰਤ ਬਾਬਾ ਸ਼ੇਖ ਫ਼ਰੀਦ ਦੀ ਯਾਦ ਵਿੱਚ ਪੰਜ ਰੋਜ਼ਾ ਆਗਮਨ ਪੁਰਬ ਦੇ ਆਖਰੀ ਦਿਨ ਅੱਜ ਟਿੱਲਾ ਬਾਬਾ ਫਰੀਦ ਤੋਂ ਗੁਰਦੁਆਰਾ ਗੋਦੜੀ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਵਨੀਤ ਕੁਮਾਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ ਨੇ ਟਿੱਲਾ ਬਾਬਾ ਫਰੀਦ ਤੋਂ ਇਸ ਨਗਰ ਕੀਰਤਨ ਨੂੰ ਰਵਾਨਾ ਕੀਤਾ। ਇਹ ਨਗਰ ਕੀਰਤਨ ਪੰਜ ਕਿਲੋਮੀਟਰ ਦਾ ਸਫਰ ਤੈਅ ਕਰਕੇ ਕਰੀਬ ਬਾਅਦ ਦੁਪਹਿਰ 2 ਵਜੇ ਗੁਰਦੁਆਰਾ ਗੋਦੜੀ ਸਾਹਿਬ ਪਹੁੰਚਿਆ, ਜਿੱਥੇ ਪਾਠ ਦੇ ਭੋਗ ਉਪਰੰਤ ਆਗਮਨ ਪੁਰਬ ਸਮਾਪਤ ਹੋ ਗਿਆ। ਬਾਬਾ ਫਰੀਦ ਸੁਸਾਇਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਕਿਹਾ ਕਿ ਨਗਰ ਕੀਰਤਨ ਦੇ ਰਸਤੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਵੱਲੋਂ ਲੰਗਰ ਲਾਏ ਗਏ। ਇਸ ਮੌਕੇ ਪੁਲੀਸ ਦੀ ਟੁਕੜੀ ਨੇ ਨਗਰ ਕੀਰਤਨ ਨੂੰ ਸਲਾਮੀ ਦਿੱਤੀ। ਬਾਬਾ ਫ਼ਰੀਦ ਸੁਸਾਇਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ, ਕੁਲਇੰਦਰ ਸਿੰਘ ਸੇਖੋਂ ਅਤੇ ਹੋਰ ਪਤਵੰਤਿਆਂ ਨੇ ਸਮਾਜ ਸੇਵਾ ਬਦਲੇ ਐੱਸਪੀ ਉਬਰਾਏ ਨੂੰ ਮਨੁੱਖਤਾ ਦੀ ਸੇਵਾ ਦਾ ਐਵਾਰਡ ਦੇ ਕੇ ਸਨਮਾਨਿਤ ਕੀਤਾ। ਸੁਸਾਇਟੀ ਦੇ ਫਾਊਂਂਡਰ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਦੀ ਯਾਦ ਵਿੱਚ ਸ਼ੁਰੂ ਕੀਤੇ ਗਏ ਐਵਾਰਡਾਂ ਨਾਲ ਫਰੀਦਕੋਟ ਦੇ ਨੌਜਵਾਨ ਰਾਜਵੀਰ ਸਿੰਘ ਅਤੇ ਸੁਖਬੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਬਾਬਾ ਫਰੀਦ ਆਗਮਨ ਪੁਰਬ ਦੇ ਸਮਾਪਤੀ ਸਮਾਰੋਹ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਾਂ ਉਨ੍ਹਾਂ ਦੀ ਮਾਂ ਹਰਪਾਲ ਕੌਰ ਨੇ ਅੱਜ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ। ਮਾਤਾ ਹਰਪਾਲ ਕੌਰ ਨੇ ਕਿਹਾ ਕਿ ਉਨਾਂ ਨੇ ਟਿੱਲਾ ਬਾਬਾ ਫਰੀਦ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣੇ ਵਿੱਚ ਚੋਣਾਂ ਹੋਣ ਕਾਰਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਕਾਰਨ ਮੁੱਖ ਮੰਤਰੀ ਇੱਥੇ ਸਮਾਪਤੀ ਸਮਾਗਮ ਵਿੱਚ ਨਹੀਂ ਪਹੁੰਚ ਸਕੇ। ਇਸ ਮੌਕੇ ਉਨ੍ਹਾਂ ਨੂੰ ਸੁਸਾਇਟੀ ਦੇ ਆਗੂਆਂ ਨੇ ਸਿਰੋਪਾ ਭੇਟ ਕੀਤਾ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਨੇ ਬਾਬਾ ਫਰੀਦ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ):
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫ਼ਰੀਦ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਲਿਆ।