ਨਵਾਂਸ਼ਹਿਰ, 25 ਜਨਵਰੀ 2024 (ਪੰਜਾਬੀ ਖ਼ਬਰਨਾਮਾ)
ਨਹਿਰੀ ਪਾਣੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਹਰ ਉਪਰਾਲੇ ਕੀਤੇ ਜਾਣ ਅਤੇ ਜਿਹੜੇ ਖਾਲੇ ਕਬਜੇ ਹੇਠ ਹਨ, ਉਨ੍ਹਾਂ ਨੂੰ ਛੁੱਡਵਾ ਕੇ ਖਾਲਿਆਂ ਦੇ ਅਖਿਰ ਤੱਕ ਪਾਣੀ ਪਹੁੰਚਾਇਆ ਜਾਵੇ ਤਾਂ ਜੋ ਸਾਰੇ ਕਿਸਾਨਾਂ ਨੂੰ ਇਸ ਦਾ ਫਾਇਦਾ ਮਿਲ ਸਕੇ। ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਜੈ ਕ੍ਰਿਸ਼ਨ ਸਿੰਘ ਰੋੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਸੰਤੋਸ਼ ਕਟਾਰੀਆ ਵਿਧਾਇਕ ਬਲਾਚੌਰ, ਡਾ. ਰਵਜੋਤ ਸਿੰਘ ਵਿਧਾਇਕ, ਕਰਮਬੀਰ ਘੁੰਮਣ ਵਿਧਾਇਕ, ਜਸਬੀਰ ਸਿੰਘ ਰਾਜਾਗਿੱਲ ਵਿਧਾਇਕ, ਰਾਜ ਕੁਮਾਰ ਵਿਧਾਇਕ, ਚੇਅਰਮੈਨ ਰਣਜੀਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਚੇਚੀ ਜਲਾਲਪੁਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਉਪਰਾਲੇ ਤਹਿਤ ਪੰਜਾਬ ਸਰਕਾਰ ਨੇ ਦਹਾਕਿਆਂ ਤੋਂ ਬੰਦ ਪਏ 15,825 ਨਹਿਰੀ ਖਾਲ਼ ਮੁੜ ਸ਼ੁਰੂ ਕਰਵਾਏ ਹਨ ਜਿਸ ਨਾਲ ਕਈ ਟੇਲਾਂ ਉਤੇ ਦਹਾਕਿਆਂ ਬਾਅਦ ਨਹਿਰੀ ਪਾਣੀ ਪਹੁੰਚਿਆ।ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਵੱਧ ਤੋਂ ਵੱਧ ਖਾਲਿਆਂ ਰਾਹੀਂ ਖੇਤਾਂ ਤੱਕ ਪਹੁੰਚਾਇਆ ਜਾਵੇ ਅਤੇ ਜਿੰਨ੍ਹਾਂ ਹੋ ਸਕੇ ਘੱਟ ਤੋਂ ਘੱਟ ਜਮੀਨੀ ਪਾਣੀ ਦੀ ਵਰਤੋਂ ਕੀਤੀ ਜਾ ਸਕੇ।
ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਭਾਗ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਆਪਣੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਆਪਣੇ ਕੰਮਾਂ ਵਿੱਚ ਪਾਰਦਰਸ਼ੀ ਲਿਆਉਣ ਸਬੰਧੀ ਨਿਰਦੇਸ਼ ਦਿੱਤੇ।