- ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਨਾਲ ਹੁਸ਼ਿਆਰਪੁਰ ’ਚ ਵੱਖ-ਵੱਖ ਕੈਂਪਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ)
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਦਾ ਸੂਬਾ ਵਾਸੀਆਂ ਨੂੰ ਬਹੁਤ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਨਾਗਰਿਕ ਇਨ੍ਹਾਂ ਕੈਂਪਾਂ ਰਾਹੀਂ ਜਿਥੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਿਹਾ ਹੈ, ਉਥੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਪਟਾਰਾ ਹੋ ਰਿਹਾ ਹੈ। ਉਹ ਅੱਜ ਹੁਸ਼ਿਆਰਪੁਰ ਦੇ ਗੁਰੂਦੁਆਰਾ ਟਿੱਬਾ ਸਾਹਿਬ ਵਿਚ ਵਾਰਡ ਨੰਬਰ 23 ਅਤੇ 25, ਸਰਕਾਰੀ ਸਕੂਲ ਬੱਸੀ ਗੁਲਾਮ ਹੁਸੈਨ ਵਿਚ ਲੱਗੇ ਕੈਂਪਾਂ ਦਾ ਜਾਇਜ਼ਾ ਲੈਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਜਦੋਂ ਕੈਂਪਾਂ ਵਿਚ ਪਹੁੰਚਦੇ ਹਨ ਤਾਂ ਸੂਬਾ ਵਾਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦੇ ਹਨ, ਕਿਉਂਕਿ ਇਨ੍ਹਾਂ ਕੈਂਪਾਂ ਰਾਹੀਂ ਸੂਬਾ ਵਾਸੀਆਂ ਦੇ ਲੰਬਿਤ ਪਏ ਮਾਮਲੇ ਤੁਰੰਤ ਹੱਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਉਪਰੰਤ ਪਹਿਲੀ ਵਾਰ ਲੋਕਾਂ ਤੱਕ ਇਸ ਤਰ੍ਹਾਂ ਸੁਵਿਧਾਵਾਂ ਪਹੁੰਚਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕੈਂਪਾਂ ਦਾ ਤੀਜਾ ਦਿਨ ਹੈ ਅਤੇ ਪੰਜਾਬ ਸਰਕਾਰ ਰੋਜ਼ਾਨਾ ਇਨ੍ਹਾਂ ਕੈਂਪਾਂ ਦੀ ਸਮੀਖਿਆ ਕਰ ਰਹੀ ਹੈ, ਤਾਂ ਜੋ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਿਨ-ਰਾਤ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੈਂਪਾਂ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਵੱਖ-ਵੱਖ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ, ਨਰਵੀਰ ਨੰਦੀ, ਐਡਵੋਕੇਟ ਅਮਰਜੋਤ ਸੈਣੀ, ਰਾਜਨ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।