ਹੁਸ਼ਿਆਰਪੁਰ, 8 ਫਰਵਰੀ (ਪੰਜਾਬੀ ਖ਼ਬਰਨਾਮਾ)
ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਨੇ ਕਿਹਾ ਕਿ ਮੁਲਕ ਦੀ ਆਜ਼ਾਦੀ ਵਿਚ ਆਪਣਾ ਯੋਗਦਾਨ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਸਮੱਸਿਆ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਣਦਾ ਮਾਣ-ਸਤਿਕਾਰ ਕੀਤਾ ਜਾਵੇਗਾ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਕੀਤੀ ਗਈ ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਜਿਥੇ ਪਿਛਲੀ ਮੀਟਿੰਗ ਵਿਚ ਕੀਤੇ ਗਏ ਫੈਸਲਿਆਂ ਦੀ ਸਮੀਖਿਆ ਕੀਤੀ ਉਥੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਜ਼ਿਲ੍ਹਾ ਪ੍ਰਸ਼ਾਸਨ ਲਈ ਬਰਾਬਰ ਹਨ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨ੍ਹਾਂ ਨੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੁੰ ਦਫ਼ਤਰਾਂ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ ਦਾ ਮੰਗ ਪੱਤਰ ਵੀ ਸਹਾਇਕ ਕਮਿਸ਼ਨਰ ਨੂੰ ਸੌਂਪਿਆ। ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿਚ ਪ੍ਰਧਾਨ ਅਵਤਾਰ ਸਿੰਘ, ਪੁਰਸ਼ੋਤਮ ਸਿੰਘ, ਮੁਲਤਾਲ ਸਿੰਘ, ਦਿਲਜੀਤ ਸਿੰਘ, ਸਰਬਜੀਤ ਸਿੰਘ, ਰਮੇਸ਼ ਚੰਦ, ਗੁਰਦੀਪ ਸਿੰਘ, ਤਰਸੇਮ ਕੌਰ, ਹਰਭਜਨ ਕੌਰ, ਗਗਨਦੀਪ ਸਿੰਘ, ਹਰਦੀਪ ਸਿੰਘ, ਦਲਜੀਤ ਸਿੰਘ, ਬਿਪਨ ਕੁਮਾਰ, ਪਰਮਿੰਦਰ ਸਿੰਘ ਚੀਮਾ, ਕਵੰਤ ਕੁਲਵੰਤ ਸਿੰਘ, ਨਰਿੰਦਰ ਸਿੰਘ ਵੀ ਮੌਜੂਦ ਸਨ।