Indians Deportation

24 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ (Indians Deportation from America) ਕਰਨ ਦਾ ਸਿਲਸਲਾ ਜਾਰੀ ਹੈ। ਡੋਨਲਡ ਟਰੰਪ (Donald Trump) ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਗੈਰ-ਕਾਨੂੰਨੀ ਢੰਗ ਨਾਲ ਗਏ ਸੈਂਕੜੇ ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਅਮਰੀਕਾ ਤੋਂ ਡਿਪੋਰਟ ਕੀਤੇ ਗਏ 4 ਹੋਰ ਨੌਜਵਾਨ ਅੰਮ੍ਰਿਤਸਰ ਏਅਰਪੋਰਟ ਪਹੁੰਚੇ।

ਅਮਰੀਕਾ ਸਰਕਾਰ ਵੱਲੋਂ ਪੰਜਾਬੀਆਂ ਨੂੰ ਪਨਾਮਾ ਰਸਤਿਓਂ ਵਾਪਸ ਭੇਜਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ਤੋਂ ਵਾਪਸ ਭੇਜੇ ਗਏ ਚਾਰ ਨੌਜਵਾਨਾਂ ਵਿੱਚ ਜਤਿੰਦਰ ਸਿੰਘ ਵਾਸੀ ਕੰਸ਼ੂ ਕਲਾਂ ਜ਼ਿਲ੍ਹਾ ਪਟਿਆਲਾ, ਮਨਿੰਦਰ ਦੱਤ ਵਾਸੀ ਚਾਂਦਪੁਰ ਜਲੰਧਰ, ਜੁਗਰਾਜ ਸਿੰਘ ਵਾਸੀ ਪਿੰਡ ਚੂਹੜਪੁਰ ਜ਼ਿਲ੍ਹਾ ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਚੀਮਾ ਜ਼ਿਲ੍ਹਾ ਗੁਰਦਾਸਪੁਰ ਸ਼ਾਮਲ ਹਨ।

ਜਾਣਕਾਰੀ ਮੁਤਾਬਕ 12 ਵਿਅਕਤੀਆਂ ਨੂੰ ਅਮਰੀਕਾ ਤੋਂ ਵਾਪਸ ਭੇਜਿਆ ਗਿਆ ਸੀ ਜਿਨ੍ਹਾਂ ਵਿੱਚ ਇਹ ਚਾਰ ਪੰਜਾਬੀ ਸ਼ਾਮਲ ਹਨ। ਇਹ ਸਾਰੇ ਪਨਾਮਾ ਤੋਂ ਇਸਤਾਂਬੁਲ ਰਸਤੇ ਦਿੱਲੀ ਪੁੱਜੇ ਹਨ ਅਤੇ ਦਿੱਲੀ ਹਵਾਈ ਅੱਡੇ ਤੋਂ ਪੰਜਾਬ ਨਾਲ ਸਬੰਧਤ ਇਨ੍ਹਾਂ ਚਾਰ ਵਿਅਕਤੀਆਂ ਨੂੰ ਇੱਕ ਘਰੇਲੂ ਉਡਾਣ ਰਾਹੀਂ ਅੰਮ੍ਰਿਤਸਰ ਭੇਜਿਆ ਗਿਆ ਹੈ।

ਦਸਤਾਵੇਜ਼ੀ ਜਾਂਚ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸ਼ਾਮ ਵੇਲੇ ਨੌਜਵਾਨਾਂ ਨੂੰ ਇਨ੍ਹਾਂ ਦੇ ਘਰ ਪਹੁੰਚਾਉਣ ਲਈ ਸਬੰਧਤ ਜ਼ਿਲ੍ਹਿਆਂ ਦੇ ਥਾਣਿਆਂ ਵਿਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਵੱਲੋਂ ਹੁਣ ਡਿਪੋਰਟ ਕੀਤੇ ਜਾ ਰਹੇ ਵਿਅਕਤੀਆਂ ਨੂੰ ਪਨਾਮਾ ਭੇਜਿਆ ਜਾ ਰਿਹਾ ਹੈ। ਭਾਰਤ ਭੇਜੇ ਗਏ ਇਨ੍ਹਾਂ 12 ਵਿਅਕਤੀਆਂ ਨੂੰ ਕਿਸੇ ਐੱਨਜੀਓ ਦੀ ਮਦਦ ਨਾਲ ਵਾਪਸੀ ਦੀਆਂ ਹਵਾਈ ਟਿਕਟਾਂ ਲੈ ਕੇ ਭਾਰਤ ਭੇਜਿਆ ਗਿਆ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਅਮਰੀਕਾ ਦਾ ਤੀਜਾ ਸੈਨਿਕ ਜਹਾਜ਼ 112 ਦੇ ਕਰੀਬ ਭਾਰਤੀਆਂ ਨੂੰ ਲੈਕੇ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੁੱਜਾ ਸੀ। ਇਸ ਤੋਂ ਪਹਿਲਾਂ, 15 ਫ਼ਰਵਰੀ ਨੂੰ 116 ਦੇ ਕਰੀਬ ਭਾਰਤੀ ਨਾਗਰਿਕ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦੇ ਸਨ। ਇਨ੍ਹਾਂ ਵਿੱਚ ਮਹਿਲਾਵਾਂ, ਮਰਦ ਤੇ ਬੱਚੇ ਵੀ ਸ਼ਾਮਲ ਹਨ। ਡਿਪੋਰਟ ਹੋ ਕੇ ਹਵਾਈ ਅੱਡੇ ਉੱਤੇ ਉਤਰਨ ਤੋਂ ਬਾਅਦ ਇਨ੍ਹਾਂ ਭਾਰਤੀਆਂ ਦੀ ਏਜੰਸੀਆਂ ਵਲੋਂ ਜਾਂਚ-ਪੜਤਾਲ ਕੀਤੀ ਗਈ ਅਤੇ ਲੋੜੀਂਦੀ ਪੁੱਛਗਿੱਛ ਵੀ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪੋ-ਆਪਣੇ ਘਰਾਂ ਨੂੰ ਰਵਾਨਾ ਕੀਤਾ ਗਿਆ।

ਉਧਰ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਗ਼ੈਰਕਾਨੂੰਨੀ ਵਿਦੇਸ਼ੀ ਨਾਗਰਿਕਾਂ ਨੂੰ ਵੱਡੇ ਪੱਧਰ ’ਤੇ ਕੱਢਣ ਦੇ ਆਪਣੇ ਫ਼ੈਸਲੇ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਭ੍ਰਿਸ਼ਟਾਚਾਰ ਖਤਮ ਕਰਕੇ ਧੋਖੇਬਾਜ਼ਾਂ, ਠੱਗਾਂ ਤੇ ‘ਡੀਪ ਸਟੇਟ’ ਨੌਕਰਸ਼ਾਹਾਂ (ਬਾਹਰੀ ਤਾਕਤਾਂ ਜੋ ਸਰਕਾਰ ਦੇ ਫ਼ੈਸਲਿਆਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ) ਨੂੰ ਘਰ ਭੇਜ ਰਿਹਾ ਹੈ। ਟਰੰਪ ਨੇ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਵੱਡੇ ਪੱਧਰ ’ਤੇ ਕੱਢਣ ਨੂੰ ਆਪਣੀ ਪ੍ਰਮੁੱਖ ਨੀਤੀ ਬਣਾ ਲਿਆ ਹੈ।

ਸੰਖੇਪ:- ਅਮਰੀਕਾ ਤੋਂ ਭਾਰਤੀਆਂ ਦੀ ਡਿਪੋਰਟੇਸ਼ਨ ਜਾਰੀ ਹੈ, ਜਿਸ ਵਿੱਚ 4 ਪੰਜਾਬੀ ਨੌਜਵਾਨ ਅੰਮ੍ਰਿਤਸਰ ਪੁੱਜੇ ਹਨ। ਅਮਰੀਕਾ ਸਰਕਾਰ ਗੈਰ-ਕਾਨੂੰਨੀ ਵਿਦੇਸ਼ੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਨੀਤੀ ਅਜੇ ਵੀ ਲਾਗੂ ਰੱਖੇ ਹੋਏ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।