ਅਮਲੋਹ/ਫ਼ਤਹਿਗੜ੍ਹ ਸਾਹਿਬ,29 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਸਮਾਗਮ ਕਰਵਾਏ ਗਏ। ਇਹਨਾਂ ਪਿੰਡਾਂ ਦੇ ਲੋਕਾਂ ਨੂੰ ਨਾਟਕ ਮਿੱਟੀ ਰੁਦਨ ਕਰੇ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਗਿਆ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਦੀ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਦੇ ਵਟਸਐਪ ਨੰਬਰ 9779-100-200 ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਸਬ ਡਵੀਜ਼ਨ ਅਮਲੋਹ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੇ ਪੱਧਰ ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਪਿੰਡ ਰਘੇੜੀ ਕਲਾਂ, ਜੱਸੜਾ, ਮੁਗਲ ਮਾਜਰਾ ਅਤੇ ਟਿੱਬੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਉਹਨਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿਉਂਕਿ ਜਿਸ ਤਰ੍ਹਾਂ ਨੌਜਵਾਨ ਵਰਗ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਦਾ ਜਾ ਰਿਹਾ ਹੈ ਉਹ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਣ ਲਈ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਈ ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਡੀਡੀਪੀਓ ਜਸਪ੍ਰੀਤ ਕੌਰ ਨੇ ਪਿੰਡ ਦੇ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰੀਆਂ ਬਾਰੇ ਪੰਜਾਬ ਸਰਕਾਰ ਦੇ ਵਟਸਐਪ ਨੰਬਰ 9779-100-200 ਤੇ ਸੂਚਨਾ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ। ਉਹਨਾਂ ਦੱਸਿਆ ਕਿ ਨਸ਼ਿਆਂ ਦੇ ਵਪਾਰੀਆਂ ਬਾਰੇ ਸੂਚਨਾ ਦੇਣ ਲਈ ਸਰਕਾਰ ਵੱਲੋਂ ਜਾਰੀ ਕੀਤੇ ਵਟਸ ਐਪ ਨੰਬਰ ਸਬੰਧੀ ਪੋਸਟਰ ਵੱਖ ਵੱਖ ਪਿੰਡਾਂ ਵਿੱਚ ਲਗਾਏ ਗਏ ਹਨ ਤਾਂ ਜੋ ਬਲਾਕ ਅਮਲੋਹ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।