ਫਿਰੋਜ਼ਪੁਰ, 7 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 07:00 ਵਜੇ ਤੋਂ ਸਵੇਰੇ 07:00 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਦਰਿਆਵਾਂ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਪਾਕਿਸਤਾਨ ਪਾਸੋਂ ਡਰਗ ਸਮਗਲਿੰਗ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਨੂੰ ਰੋਕਣ/ਅਜਿਹੀ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਵਿੱਚ ਰਾਤ ਸਮੇਂ ਕਿਸ਼ਤੀਆਂ ਦੇ ਚੱਲਣ ਤੇ ਪਾਬੰਦੀ ਲਗਾਉਣ ਦੀ ਸਖ਼ਤ ਜ਼ਰੂਰਤ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹੇ ਦੇ ਇੰਟਰਨੈਸ਼ਨਲ ਬਾਰਡਰ ਤੋਂ 25 ਕਿਲੋਮੀਟਰ ਦੇ ਘੇਰੇ ਵਿੱਚ ਵੱਖ-ਵੱਖ ਸਥਾਨਾਂ ਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਡਰੋਨ ਦੀ ਵਰਤੋਂ ਕਰਕੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਇਸ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਸਬੰਧੀ ਕਿਸੇ ਵਿਭਾਗ/ਆਮ ਵਿਅਕਤੀ ਵੱਲੋਂ ਯੋਗ ਪ੍ਰਣਾਲੀ ਰਾਹੀਂ ਮਨਜੂਰੀ ਪ੍ਰਾਪਤ ਕੀਤੀ ਜਾਵੇਗੀ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਦਾਇਰੇ ਦੇ ਅੰਦਰ-ਅੰਦਰ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਦੀ ਵਰਤੋਂ ’ਤੇ ਰੋਕ ਲਗਾਈ ਹੈ।
ਇਕ ਹੋਰ ਮਨਾਹੀ ਦੇ ਹੁਕਮ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਹਲਕਿਆਂ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ’ਤੇ ਨਹੀਂ ਛੱਡੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸੜਕਾਂ ਉੱਤੇ ਦੁਰਘਟਨਾਵਾਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜਦੋਂ ਪਸ਼ੂਆਂ ਨੂੰ ਖੁੱਲੀਆਂ ਥਾਵਾਂ ਤੇ ਛੱਡਿਆ ਜਾਂਦਾ ਹੈ ਤਾਂ ਇਹ ਪਸ਼ੂ ਅਕਸਰ ਬੇਕਾਬੂ ਹੋ ਜਾਂਦੇ ਹਨ ਅਤੇ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ ਅਤੇ ਲੋਕਾਂ ਦੀ ਫਸਲ ਦਾ ਵੀ ਉਜਾੜਾ ਕਰਦੇ ਹਨ।
ਇਸੇ ਤਰ੍ਹਾਂ ਇੱਕ ਹੋਰ ਹੁਕਮ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ ਕਰਕਟ ਆਦਿ ਖੁੱਲ੍ਹੇ ਵਿੱਚ ਅੱਗ ਲਗਾਉਣ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਤੋਂ ਬਾਅਦ ਕੂੜਾ ਕਰਕਟ, ਦਰਖਤਾਂ ਦੇ ਸੁੱਕੇ ਪੱਤੇ, ਰੱਦੀ ਕਾਗਜ ਆਦਿ ਇਕੱਠਾ ਕਰਕੇ ਉਸ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਰਕੇ ਵਾਤਾਵਰਣ ਪ੍ਰਦੂਸ਼ਿਤ ਹੋ ਜਾਂਦਾ ਹੈ ਅਤੇ ਹਵਾ ਵਿੱਚ ਧੂੰਆਂ ਫੈਲ ਜਾਂਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਸੜਕਾਂ ਦੁਆਲੇ ਕੂੜਾ ਕਰਕਟ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ ਜਿਸ ਨਾਲ ਲੜਾਈ ਝਗੜਾ ਵੀ ਹੋਣ ਦਾ ਡਰ ਰਹਿੰਦਾ ਹੈ ਅਤੇ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ।