ਫਿਰੋਜ਼ਪੁਰ, 7 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ” ਨੂੰ ਕਾਮਯਾਬ ਕਰਨ ਲਈ ਅੱਜ ਭਾਰਤ ਪਾਕਿਸਤਾਨ ਦੇ ਸਰਹੱਦੀ ਪਿੰਡ ਹਬੀਬ ਵਾਲਾ ਵਿਖ਼ੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸੀਮਾਂ ਸੁਰੱਖਿਆ ਬਲ ਦੇ ਅਧਿਕਾਰੀਆਂ, ਪੰਜਾਬ ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਸੈਮੀਨਾਰ ਵਿੱਚ ਪਿੰਡ ਹਬੀਬ ਵਾਲਾ ਤੋਂ ਇਲਾਵਾ ਪਿੰਡ ਗੰਦੂ ਕਿਲਚਾ ਉਤਾੜ ਦੇ ਸਰਪੰਚਾ,ਪੰਚਾਇਤ ਮੈਂਬਰਾਂ ਅਤੇ ਭਾਰੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ।
ਜਾਗਰੂਕਤਾ ਸੈਮੀਨਾਰ ਦੌਰਾਨ ਸਿਹਤ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਆਪਣੇਂ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਇਸ ਫੈਸਲੇ ਸਬੰਧੀ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਕਰਨ ਲਈ ਸਮੂਹ ਲੋਕਾਂ ਖਾਸਕਰ ਨੌਜਵਾਨਾਂ ਦੇ ਸਹਿਯੋਗ ਦੀ ਲੋੜ ਹੈ। ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪੰਚਾਇਤਾਂ ਦਾ ਮਹੱਤਵਪੂਰਨ ਰੋਲ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵੱਧ ਰਿਹਾ ਰੁਝਾਨ ਅੱਜ ਇੱਕ ਗੰਭੀਰ ਚੁਣੋਤੀ ਬਣਿਆ ਹੋਇਆ ਹੈ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਇਸ ਲਾਹਣਤ ਤੋਂ ਬਚਾਉਣ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।
ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਫਿਰੋਜ਼ਪੁਰ ਵਿਖੇ 19 ਓਟ ਸੈਂਟਰਾਂ ਅਤੇ ਸਿਵਲ ਹੱਸਪਤਾਲ ਫਿਰੋਜ਼ਪੁਰ ਵਿਖੇ ਸਥਿੱਤ ਨਸ਼ਾ ਛੜਾਓ ਕੇਂਦਰ ਰਾਹੀਂ ਨਸ਼ਾ ਛੱਡਣ ਦੇ ਵਿਅਕਤੀਆਂ ਲਈ ਦਵਾਈਆਂ ਆਦਿ ਦੇ ਪੂਰੇ ਪ੍ਰਬੰਧ ਹਨ। ਨਸ਼ਾ ਛੱਡਣ ਦੇ ਇੱਛੁਕ ਵਿਅਕਤੀ ਇਹਨਾਂ ਸੈਂਟਰਾਂ ‘ਤੇ ਬਿਲਕੁੱਲ ਮੁੱਫਤ ਇਲਾਜ਼ ਕਰਵਾ ਸਕਦੇ ਹਨ ਅਤੇ ਨਸ਼ਾ ਛੱਡਣ ਦੀ ਮੁਹਿੰਮ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕਦੇ ਹਨ।
ਇਸ ਮੌਕੇ ਪਿੰਡ ਗੰਦੁ ਕਿਲਚਾ ਉਤਾੜ ਦੇ ਸਰਪੰਚ ਜਗਜੀਤ ਸਿੰਘ ਜੱਗੀ, ਪਿੰਡ ਹਬੀਬ ਵਾਲਾ ਦੇ ਸਰਪੰਚ ਬਗੀਚਾ ਸਿੰਘ, ਦੋਵੇਂ ਪਿੰਡਾ ਦੀ ਪੰਚਾਇਤਾ ਦੇ ਮੈਂਬਰ, ਸਿਹਤ ਵਿਭਾਗ ਤੋਂ ਬਹੁਮੰਤਵੀ ਸਿਹਤ ਕਰਮਚਾਰੀ ਅਮਰਜੀਤ ਸਿੰਘ ਵੀ ਹਾਜ਼ਰ ਸਨ।