01 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਜ਼ਿਲ੍ਹਾ ਫ਼ਰੀਦਕੋਟ ਵਿੱਚ 4 ਮਈ, 2025 ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਇਹਨਾਂ ਪ੍ਰਬੰਧਾਂ ਵਿੱਚ ਸੈਂਟਰਾਂ ਵਿਖੇ ਤਜਰਬੇਕਾਰ ਸਟਾਫ, ਟ੍ਰੈਫਿਕ ਪਲਾਨ ਆਦਿ ਵਿੱਚ ਤਰੁੱਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੀਖਿਆ ਡਾ.ਮਹਿੰਦਰ ਸਿੰਘ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਅਤੇ ਕੇਂਦਰੀ ਵਿਦਿਆਲੇ ਫ਼ਰੀਦੋਕਟ ਵਿਖੇ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਅਤੇ ਪ੍ਰੀਖਿਆ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਮੈਡਮ ਤੁਸ਼ਿਤਾ ਗੁਲਾਟੀ ਪੀ.ਸੀ.ਐਸ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਨੂੰ ਨੋਡਲ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ। ਪ੍ਰੀਖਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 98142-56584 (ਸ੍ਰੀ ਪ੍ਰਦੀਪ ਦਿਉੜਾ ਡਿਪਟੀ ਡੀ.ਈ.ਓ) ਜਾਰੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ਵਿੱਚ ਹੋਵੇ, ਇਸ ਲਈ ਸਮੂਹ ਅਧਿਕਾਰੀ ਆਪੋ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।
ਡਿਪਟੀ ਕਮਿਸ਼ਨਰ ਨੇ ਇਸ ਪ੍ਰੀਖਿਆ ਵਿੱਚ ਬੈਠਣ ਵਾਲੇ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਲਈ ਦੁਪਹਿਰ 1:30 ਵਜੇ ਤੋਂ ਪਹਿਲਾਂ ਪਹਿਲਾਂ ਪ੍ਰੀਖਿਆ ਕੇਂਦਰਾਂ ਅੰਦਰ ਪਹੁੰਚਣ ਤਾਂ ਜੋ ਉਹਨਾਂ ਨੂੰ ਆਖਰੀ ਸਮੇਂ ਕਿਸੇ ਵੀ ਪ੍ਰੇਸ਼ਾਨੀ ਜਾਂ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਹੋਵੇਗਾ। ਪ੍ਰੀਖਿਆ ਕੇਂਦਰਾਂ ਵਿੱਚ ਐਂਟਰੀ ਦਾਖ਼ਲਾ ਕਾਰਡ ਨਾਲ ਹੀ ਹੋਵੇਗੀ। ਉਮੀਦਵਾਰ ਕੋਲ ਸ਼ਨਾਖ਼ਤ ਦਸਤਵੇਜ਼ ਵਜੋਂ ਅਧਾਰ ਕਾਰਡ ਹੋਣਾ ਵੀ ਲਾਜ਼ਮੀ ਹੈ। ਉਹਨਾਂ ਉਮੀਦਵਾਰਾਂ ਨੂੰ ਇਹ ਸਲਾਹ ਦਿੱਤੀ ਕਿ ਉਹ ਦਾਖ਼ਲਾ ਕਾਰਡ ਉੱਤੇ ਦਿੱਤੀਆਂ ਸ਼ਰਤਾਂ ਅਤੇ ਅਗਵਾਹੀ ਲੀਹਾਂ ਨੂੰ ਪੜ੍ਹ ਕੇ ਆਉਣ ਤਾਂ ਜੋ ਪ੍ਰੀਖਿਆ ਮੌਕੇ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।