ਫ਼ਰੀਦਕੋਟ ,16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਹਦਾਇਤਾਂ ਜਾਰੀ ਹੋਈਆਂ ਹਨ ਕਿ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ ਐਕਟ (ਤਰਮੀਮ) 2008 ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸੇ ਐਕਟ ਤਹਿਤ ਹੁਕਮ ਜਾਰੀ ਹੋਏ ਹਨ ਕਿ “ਪੰਜਾਬ ਸਰਕਾਰ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਦੇ ਦਫ਼ਤਰਾਂ ਵਿੱਚ ਸਮੁੱਚਾ ਦਫ਼ਤਰੀ ਕੰਮ ਕਾਜ ਪੰਜਾਬ ਭਾਸ਼ਾ ਵਿੱਚ ਕੀਤਾ ਜਾਣਾ ਲਾਜਮੀ ਬਣਾਇਆ ਜਾਵੇ । ਇਸ ਦੇ ਨਾਲ ਹੀ ਸਮੂਹ ਵਿਭਾਗਾਂ ਦੀਆਂ ਵੈਬਸਾਈਟਾਂ ਅੰਗਰੇਜੀ ਦੇ ਨਾਲ ਨਾਲ ਪੰਜਾਬੀ ਭਾਸ਼ਾ (ਭਾਵ ਦੋਨੋ ਭਾਸ਼ਾਵਾਂ) ਵਿੱਚ ਤਿਆਰ ਕੀਤੀਆਂ ਜਾਣ । ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਮਨਜੀਤ ਪੁਰੀ ਨੇ ਦਿੱਤੀ ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਅਤੇ ਕਿਸੇ ਪ੍ਰਕਾਰ ਦੀ ਅਣਗਹਿਲੀ ਨਹੀਂ ਵਰਤੀ ਜਾ ਸਕਦੀ। ਪੰਜਾਬੀ ਮਾਤ ਭਾਸ਼ਾ ਪੰਜਾਬ ਰਾਜ ਦੀ ਜਿੰਦ-ਜਾਨ ਹੈ ਅਤੇ ਇਹ ਪੰਜਾਬੀਅਤ ਦਾ ਮਾਣ ਹੈ। ਇਸ ਲਈ ਸਬੰਧਿਤ ਹੁਕਮਾਂ ਅਧੀਨ ਆਉਂਦੇ ਸਾਰਿਆਂ ਨੂੰ ਹੀ ਅਪੀਲ ਹੈ ਕਿ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰ ਲਈ ਜਾਵੇ ਅਤੇ ਸਾਰੇ ਦਫ਼ਤਰਾਂ ਦੇ ਸਾਈਨ ਬੋਰਡ ਅਤੇ ਸੜਕਾਂ ਕਿਨਾਰੇ ਲੱਗੇ ਬੋਰਡਾਂ ਵਿੱਚ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜ ਵੀ ਠੀਕ ਹੋਣ। ਜੇਕਰ ਕੋਈ ਇਸ ਤਰ੍ਹਾਂ ਦੀ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਅਧਿਕਾਰੀਆਂ ਵੱਲੋਂ ਜਲਦੀ ਤੋਂ ਜਲਦੀ ਠੀਕ ਕਰਵਾਈ ਜਾਵੇ।