ਗੁਰਦਾਸਪੁਰ, 20 ਫਰਵਰੀ (ਪੰਜਾਬੀ ਖ਼ਬਰਨਾਮਾ)
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਚੌਥੀ ਵਿਸ਼ੇਸ਼ ਬੱਸ ਰਾਹੀਂ ਸ਼ਰਧਾਲੂ ਤੀਰਥ ਅਸਥਾਨ ਨੈਣਾਂ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਜਵਾਲਾ ਜੀ ਅਤੇ ਚਿੰਤਪੁਰਨੀ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਏ ਹਨ। ਇਨ੍ਹਾਂ ਤੀਰਥ ਅਸਥਾਨਾਂ ਦੇ ਦਰਸ਼ਨਾਂ ਨੂੰ ਜਾਣ ਵਾਲੀ ਵਿਸ਼ੇਸ਼ ਬੱਸ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਹਰੀ ਝੰਡੀ ਦਿਖਾਈ ਅਤੇ ਸ਼ਰਧਾਲੂਆਂ ਨੂੰ ਸੁਰੱਖਿਅਤ ਸਫ਼ਰ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਅੱਜ 43 ਸ਼ਰਧਾਲੂਆਂ ਨੂੰ ਤੀਰਥ ਅਸਥਾਨ ਨੈਣਾਂ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਜਵਾਲਾ ਜੀ ਅਤੇ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸ ਰਾਹੀਂ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰੋਡਵੇਜ਼ ਦੀ ਲਗਜ਼ਰੀ ਬੱਸ ਅੱਜ ਸਭ ਤੋਂ ਪਹਿਲਾਂ ਨੈਣਾਂ ਦੇਵੀ ਜਾਵੇਗੀ ਜਿੱਥੇ ਸ਼ਰਧਾਲੂ ਮਾਤਾ ਦੇ ਦਰਬਾਰ ‘ਚ ਮੱਥਾ ਟੇਕਣਗੇ। ਉਸ ਤੋਂ ਬਾਅਦ ਯਾਤਰਾ ਦਾ ਅਗਲਾ ਪੜਾਅ ਸ੍ਰੀ ਅਨੰਦਪੁਰ ਸਾਹਿਬ ਹੋਵੇਗਾ ਜਿੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ ਰਾਤ ਦਾ ਸਟੇਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੀ ਹੋਵੇਗਾ। ਸ. ਸੇਖਵਾਂ ਨੇ ਅੱਗੇ ਦੱਸਿਆ ਕਿ ਅਗਲੇ ਦਿਨ ਬੱਸ ਯਾਤਰਾ ਮਾਤਾ ਜਵਾਲਾ ਜੀ ਅਤੇ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਨ ਤੋਂ ਬਾਅਦ ਸ਼ਾਮ ਨੂੰ ਵਾਪਸ ਕਾਦੀਆਂ ਵਿਖੇ ਪਹੁੰਚੇਗੀ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਆਉਣ-ਜਾਣ ਅਤੇ ਓਥੇ ਰਹਿਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਰੇਕ ਹਲਕੇ ਵਿੱਚੋਂ ਸੰਗਤਾਂ ਨੂੰ ਪੰਜਾਬ ਤੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਤੋਂ ਲੋਕ ਬਹੁਤ ਖ਼ੁਸ਼ ਹਨ। ਉਨ੍ਹਾਂ ਹਲਕਾ ਨਿਵਾਸੀਆਂ ਵੱਲੋਂ ਇਸ ਸ਼ਾਨਦਾਰ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।