ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਦਿਸ਼ਾ ਨਿਰਦੇਸ਼ ਜਾਰੀ

·         ਹਿਟ ਐਂਡ ਰਨ ਕੇਸਾਂ ਦੇ ਨਿਪਟਾਰੇ ਵਿੱਚ ਤੇਜੀ ਲਿਆਉਣ ਅਤੇ ਸੇਫ ਸਕੂਲ ਵਾਹਨ ਪਾਲਸੀ ਨੂੰ ਸਫਲਤਾ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ

·         01 ਅਪ੍ਰੈਲ ਤੋਂ ਹੁਣ ਤੱਕ 19,989 ਵਾਹਨ ਚਾਲਕਾਂ ਦੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕਰੀਬ  ਇੱਕ ਕਰੋੜ 96 ਲੱਖ 42 ਹਜਾਰ ਰੁਪਏ ਦੇ ਚਲਾਨ ਕੱਟੇ – ਖੇਤਰੀ ਟਰਾਂਸਪੋਰਟ ਅਫ਼ਸਰ

ਮਾਲੇਰਕੋਟਲਾ 20 ਅਗਸਤ :

                ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣਾ ਸਮੇਂ ਦੀ ਅਹਿਮ ਲੋੜ ਹੈ ਅਤੇ ਇਸ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਸੱਚੇ ਮਨ ਨਾਲ ਨਿਭਾਏ।

           ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੱਤੀ ਕਿ 1 ਅਪ੍ਰੈਲ 2025 ਤੋਂ ਹੁਣ ਤੱਕ ਜ਼ਿਲ੍ਹੇ ਵਿੱਚ 19,989 ਵਾਹਨ ਚਾਲਕਾਂ ਦੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਲਗਭਗ ਇੱਕ ਕਰੋੜ 96 ਲੱਖ 42 ਹਜ਼ਾਰ ਰੁਪਏ ਦੇ ਚਲਾਨ ਕੀਤੇ ਗਏ ਹਨ। ਇਹ ਕਾਰਵਾਈ ਦਰਸਾਉਂਦੀ ਹੈ ਕਿ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਵਿਰੁੱਧ ਸਖ਼ਤ ਰਵੱਈਆ ਅਪਣਾ ਕੇ ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਡੀ.ਐਸ.ਪੀ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ 4289 ਚਲਾਨ ਵੀ ਕੀਤੇ ਗਏ ਹਨ । ਇਸ ਤੋਂ ਇਲਾਵਾ ਟਰੈਫਿਕ ਸਮੱਸਿਆਂ ਦਾ ਪੁਖੱਤਾ ਹੱਲ ਕਰਨ ਲਈ ਪਿੰਡਾਂ/ਸ਼ਹਿਰਾਂ/ਕਸਬਿਆਂ ਵਿੱਚ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਸੈਮੀਨਾਰ ਵੀ ਕਰਵਾਏ ਜਾ ਰਹੇ ਹਨ ।

               ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸਨ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਜ਼ਿਲ੍ਹੇ ਵਿੱਚ ਹੋਣ ਵਾਲੇ ਹਰ ਸੜਕ ਹਾਦਸੇ ਦੀ ਜਾਣਕਾਰੀ ਤੁਰੰਤ ਈ-ਡੀ.ਏ.ਆਰ (E-DAR) ਪੋਰਟਲ ‘ਤੇ ਅਪਲੋਡ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਹੀ ਤੇ ਤੁਰੰਤ ਡਾਟਾ ਉਪਲਬਧ ਹੋਣ ਨਾਲ ਸੜਕ ਸੁਰੱਖਿਆ ਲਈ ਯੋਜਨਾਬੰਦੀ ਹੋਰ ਪ੍ਰਭਾਵਸ਼ਾਲੀ ਬਣੇਗੀ। ਇਸ ਦੇ ਨਾਲ ਹੀ, ਉਨ੍ਹਾਂ ਹਿਟ ਐਂਡ ਰਨ ਕੇਸਾਂ ਦੀ ਜਾਂਚ ਤੇਜ਼ੀ ਨਾਲ ਨਿਪਟਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਕਾਰਵਾਈ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ।

     ਸਕੂਲ ਵਾਹਨਾਂ ਦੀ ਸੁਰੱਖਿਆ ਸਬੰਧੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਸੀ ਨੂੰ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾਵੇ। ਹਰ ਸਕੂਲੀ ਬੱਸ ਵਿੱਚ ਸਪੀਡ ਗਵਰਨਰ, ਸੀਸੀਟੀਵੀ ਕੈਮਰੇ, ਫਿਟਨੈੱਸ ਸਰਟੀਫਿਕੇਟ ਅਤੇ ਤਜਰਬੇਕਾਰ ਡਰਾਈਵਰ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਕੂਲ ਪ੍ਰਬੰਧਕ ਆਪਣੇ ਵਾਹਨਾਂ ਦੀ ਪੂਰੀ ਜ਼ਿੰਮੇਵਾਰੀ ਨਿਭਾਉਣ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

             ਸ਼ਹਿਰ ਦੇ ਸਭ ਤੋਂ ਵਿਅਸਤ ਗਰੇਵਾਲ ਚੌਕ ਦੀ ਟ੍ਰੈਫਿਕ ਸਮੱਸਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਇੰਜੀਨੀਅਰਿੰਗ ਅਤੇ ਪੁਲਿਸ ਵਿਭਾਗ ਨੂੰ ਤੁਰੰਤ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੀ ਜੁੜੀ ਹੈ, ਇਸ ਲਈ ਪ੍ਰਭਾਵਸ਼ਾਲੀ ਹੱਲ ਦੇਰੀ ਤੋਂ ਬਿਨਾਂ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ, ਜ਼ਿਲ੍ਹੇ ਦੇ ਅੰਦਰ ਸਪੀਡ ਲਿਮਟ ਦੇ ਸੰਕੇਤਕ ਬੋਰਡ ਤੁਰੰਤ ਲਗਾਉਣ ਦੇ ਵੀ ਆਦੇਸ਼ ਦਿੱਤੇ ਗਏ।

              ਮੀਟਿੰਗ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਅਤੇ ਗਤੀ ਸੀਮਾ ਦਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਪਣੀ ਨਹੀਂ, ਸਗੋਂ ਹੋਰਾਂ ਦੀ ਜਾਨ ਬਚਾਉਣ ਲਈ ਵੀ ਜ਼ਰੂਰੀ ਹੈ।

                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਕਮ ਖੇਤਰੀ ਟਰਾਂਸਪੋਰਟ ਅਫ਼ਸਰ ਗੁਰਮੀਤ ਕੁਮਾਰ ਬਾਂਸਲ,ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ,ਡੀ.ਐਸ.ਪੀ.ਰਣਜੀਤ ਸਿੰਘ, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ,ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਵਿਕਾਸ ਉਪਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ,ਚੀਫ ਇੰਸਪੈਕਟਰ ਰੋਡਵੇਜ ਗੁਰਬਖ਼ਸ ਸਿੰਘ, ਵਿਪਨ ਗੋਇਲ, ਮੁਹੰਮਦ ਤਾਹੀਰ ਤੋਂ ਇਲ਼ਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।