ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ
ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜਾਇਜ਼ਾ
– ਪੰਜਾਬ ਸਰਕਾਰ ਵਲੋਂ ਹੜ੍ਹਾਂ ਅਤੇ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਲਈ ਵਿਸ਼ੇਸ਼ ਟੀਮਾਂ ਬਣਾਈਆਂ ਜਾ ਰਹੀਆਂ – ਚੇਅਰਮੈਨ ਢਿੱਲੋਂ
– ਪਿੰਡ ਫਰਵਾਹੀ ਅਤੇ ਹੋਰ ਇਲਾਕਿਆਂ ਦੇ ਲੋਕਾਂ ਨੂੰ ਮਿਲ ਕੇ ਹਰ ਸੰਭਵ ਮਦਦ ਦਾ ਭਰੋਸਾ
ਸ਼ੇਰਪੁਰ, 26 ਅਗਸਤ (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਵਿਚ ਹੜ੍ਹਾਂ ਅਤੇ ਭਾਰੀ ਮੀਂਹ ਨਾਲ ਹੋਏ ਨੁਕਸਾਨ ਨੂੰ ਦੇਖਦਿਆਂ ਹੋਇਆ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਪੂਰਾ ਇਨਸਾਫ ਦੇਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਫਰਵਾਹੀ, ਰੂੜਗੜ ਅਤੇ ਹੋਰ ਪਿੰਡਾਂ ਦਾ ਦੌਰਾ ਕਰਨ ਦੌਰਾਨ ਕੀਤਾ। ਇਹਨਾਂ ਪਿੰਡਾਂ ਵਿੱਚ ਕੁਝ ਘਰਾਂ ਨੂੰ ਨੁਕਸਾਨ ਹੋਣ ਦੇ ਨਾਲ ਨਾਲ ਪਸ਼ੂਆਂ ਦਾ ਜਾਨੀ ਨੁਕਸਾਨ ਵੀ ਹੋਇਆ ਹੈ।
ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਮਿਲ ਕੇ ਹਰ ਸੰਭਵ ਮਦਦ ਦਾ ਭਰੋਸਾ ਦੇਣ ਉਪਰੰਤ ਚੇਅਰਮੈਨ ਢਿੱਲੋਂ ਨੇ ਕਿਹਾ ਕਿ ਸਰਕਾਰ ਵਲੋਂ ਹੜ੍ਹਾਂ ਅਤੇ ਭਾਰੀ ਮੀਂਹ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਲਈ ਵਿਸ਼ੇਸ਼ ਟੀਮਾਂ ਬਣਾਈਆਂ ਜਾ ਰਹੀਆਂ ਹਨ ਜੋ ਪੀੜਤ ਲੋਕਾਂ ਦੇ ਘਰ-ਘਰ ਜਾ ਕੇ ਨੁਕਸਾਨ ਦੀ ਜਾਂਚ ਕਰਨਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਕਿਸਾਨਾਂ ਦੀ ਆਰਥਿਕਤਾ ਤਾਂ ਹਿੱਲ ਹੀ ਗਈ, ਇਸ ਦੇ ਨਾਲ-ਨਾਲ ਮਜ਼ਦੂਰਾਂ ਦੀ ਰੋਜ਼ੀ-ਰੋਟੀ ਪਸ਼ੂਆਂ ਅਤੇ ਕਈ ਪਰਿਵਾਰਾਂ ਦੇ ਘਰ ਵੀ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ।
ਉਨ੍ਹਾਂ ਕਿਹਾ ਕਿ ਇਸ ਕਰਕੇ ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ ਕਿ ਹਰ ਇਕ ਕਿਸਾਨ, ਮਜ਼ਦੂਰ ਅਤੇ ਪਰਿਵਾਰ ਦੀ ਹਾਲਤ ਦਾ ਜ਼ਮੀਨੀ ਪੱਧਰ ਤੇ ਮੁਆਇਨਾ ਕਰਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰੇਗੀ ਚਾਹੇ ਉਹ ਆਰਥਿਕ ਮਦਦ ਹੋਵੇ ਘਰਾਂ ਦੀ ਮੁੜ ਤਾਮੀਰ ਹੋਵੇ ਜਾਂ ਹੋਰ ਲੋੜੀਂਦੀਆਂ ਸੁਵਿਧਾਵਾਂ ਦੇ ਦੀ ਲੋੜ ਹੋਵੇ ਪੰਜਾਬ ਸਰਕਾਰ ਵਲੋਂ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕੀਤੀ ਜਾਵੇਗੀ।
ਅਖੀਰ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਹਮੇਸ਼ਾਂ ਲੋਕ-ਹਿਤੈਸ਼ੀ ਨੀਤੀਆਂ ’ਤੇ ਕੰਮ ਕਰਦੀ ਹੈ ਅਤੇ ਹੜ੍ਹ-ਪ੍ਰਭਾਵਿਤ ਲੋਕਾਂ ਦੇ ਨਾਲ ਹਰ ਪੱਖੋਂ ਮਜ਼ਬੂਤੀ ਨਾਲ ਖੜੀ ਹੈ। ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਦੇਣਾ ਹੀ ਨਹੀਂ ਸਗੋਂ ਪੀੜਤ ਪਰਿਵਾਰਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਹੈ ਤਾਂ ਜੋ ਉਹ ਆਪਣੀ ਜ਼ਿੰਦਗੀ ਨਵੇਂ ਹੌਸਲੇ ਨਾਲ ਸ਼ੁਰੂ ਕਰ ਸਕਣ। ਇਸ ਮੌਕੇ ਉਹਨਾਂ ਨਾਲ ਨਾਇਬ ਤਹਿਸੀਲਦਾਰ ਸ੍ਰੀ ਵਿਜੇ ਕੁਮਾਰ ਅਹੀਰ, ਸੇਵਾਮੁਕਤ ਪਟਵਾਰੀ ਭਲਿੰਦਰ ਸਿੰਘ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।