ਸੰਗਰੂਰ, 22 ਫਰਵਰੀ (ਪੰਜਾਬੀ ਖ਼ਬਰਨਾਮਾ)
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਹਾਲ ਹੀ ਵਿੱਚ ਈ-ਪੰਜਾਬ ਪੋਰਟਲ ਰਾਹੀਂ ਕਰਵਾਏ ਗਏ ਸਰਵੇਖਣ ਵਿੱਚ ਹਲਕਾ ਸੰਗਰੂਰ ਦੇ 2 ਸਕੂਲਾਂ ਨੂੰ ਜ਼ਿਲ੍ਹੇ ਵਿੱਚ ਸਰਵੋਤਮ ਸਕੂਲ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਦਾਮਪੁਰ ਨੂੰ ਸੀਨੀਅਰ ਸੈਕੰਡਰੀ ਸ਼੍ਰੇਣੀ ਅਤੇ ਸਰਕਾਰੀ ਮਿਡਲ ਸਕੂਲ ਆਲੋਅਰਖ ਨੂੰ ਮਿਡਲ ਸਕੂਲ ਸ਼੍ਰੇਣੀ ਵਿੱਚ ਸੰਗਰੂਰ ਜ਼ਿਲ੍ਹੇ ਦੇ ਸਭ ਤੋਂ ਵਧੀਆ ਸਕੂਲਾਂ ਦਾ ਦਰਜਾ ਦਿੱਤਾ ਗਿਆ ਹੈ।
ਇਸ ਮੌਕੇ ਦੋਵਾਂ ਸਕੂਲਾਂ ਦੇ ਸਟਾਫ਼ ਅਤੇ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾ ਰਹੀਆਂ ਸਹੂਲਤਾਂ ਅਤੇ ਸਟਾਫ਼ ਦੀ ਮਿਹਨਤ ਸਦਕਾ ਹੀ ਇਹ ਸਕੂਲ ਪੂਰੇ ਜ਼ਿਲ੍ਹੇ ਵਿੱਚੋਂ ਅੱਵਲ ਐਲਾਨੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਦੇ ਨਾਲ-ਨਾਲ ਸਟਾਫ਼ ਦੀ ਤੈਨਾਤੀ ਲਈ ਪਾਰਦਰਸ਼ੀ ਨੀਤੀਆਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਸਦਕਾ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਦਿਨੋ-ਦਿਨ ਉੱਚਾ ਚੁੱਕਿਆ ਜਾ ਰਿਹਾ ਹੈ।
ਵਿਧਾਇਕ ਨੇ ਕਿਹਾ ਕਿ ਹਲਕੇ ਦੇ ਸਰਕਾਰੀ ਸਕੂਲਾਂ ਦੀ ਦਿਸ਼ਾ ਅਤੇ ਦਸ਼ਾ ਬਦਲਣ ਲਈ ਪੰਜਾਬ ਸਰਕਾਰ ਦੇ ਨਾਲ-ਨਾਲ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਅਗਵਾਈ ਹੇਠ ਵੀ ਨਿੱਜੀ ਪੱਧਰ ਉਪਰ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਦੇਸ਼ ਦਾ ਭਵਿੱਖ ਉੱਜਵਲ ਬਣਾਉਣ ਵਾਲੇ ਵਿਦਿਆਰਥੀਆਂ ਦਾ ਹੁਨਰ ਸਹੀ ਢੰਗ ਨਾਲ ਤਰਾਸ਼ਿਆ ਜਾ ਸਕੇ। ਉਨ੍ਹਾਂ ਸਰਕਾਰੀ ਸਕੂਲਾਂ ਦੇ ਸਟਾਫ਼ ਨੂੰ ਵੀ ਭਰੋਸਾ ਦਿੱਤਾ ਕਿ ਜੇਕਰ ਹਲਕੇ ਦੇ ਕਿਸੇ ਵੀ ਸਕੂਲ ਵਿੱਚ ਕਿਸੇ ਸੁਧਾਰ ਦੀ ਲੋੜ ਹੋਵੇ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ, ਪ੍ਰਿੰਸੀਪਲ ਪਰਮਲ ਸਿੰਘ, ਇੰਚਾਰਜ ਸ਼ਸ਼ੀ ਬਾਲਾ, ਅਧਿਆਪਕ ਅਤੁਲ ਗੁਪਤਾ, ਸਿੰਦਰਪਾਲ ਸਿੰਘ, ਨੀਸ਼ੂ ਰਾਣੀ ਤੇ ਪਾਰਟੀ ਆਗੂ ਵੀ ਹਾਜ਼ਰ ਸਨ।