ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ
ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਗਏ ਸਫਲ ਉਪਰਾਲੇ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 22 ਸਤੰਬਰ (ਪੰਜਾਬੀ ਖਬਰਨਾਮਾ ਬਿਊਰੋ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਅੱਜ ਹਲਕਾ ਬਟਾਲਾ ਦੇ ਪਿੰਡ ਕਲੇਰ ਖੁਰਦ ਵਿਖੇ ਨਵੇਂ ਖੇਡ ਸਟੇਡੀਅਮ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ, ਰਾਜ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਫੁਲਿਤ ਕੀਤਾ ਗਿਆ ਹੈ।
ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਟੇਡੀਅਮ ਦੀ ਉਸਾਰੀ ਨਾਲ ਕਲੇਰ ਖੁਰਦ ਅਤੇ ਹੋਰ ਨੇੜਲੇ ਪਿੰਡਾਂ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਦੇ ਹੋਰ ਮੌਕੇ ਮਿਲਣਗੇ ਅਤੇ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿ੍ੜ ਸੰਕਲਪ ਹਨ।