ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ
ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਵਿਧਾਇਕ ਗੈਰੀ ਬੜਿੰਗ
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਵਿਖੇ ਝੋਨੇ ਦੀ ਖਰੀਦ ਆਰੰਭ ਕਰਵਾਈ
ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ
ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ, 23 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸੂਬੇ ਦੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੰਡੀ ਗੋਬਿੰਦਗੜ੍ਹ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾਂ ਹੀ ਕਿਸਾਨੀ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਤੇ ਕਣਕ ਦੇ ਸੀਜ਼ਨ ਦੌਰਾਨ ਸਾਰੇ ਪ੍ਰਬੰਧਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਫਸਲ ਖਰੀਦਣ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਹਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਨਾਲੋ-ਨਾਲ ਖਰੀਦ ਤੇ ਲਿਫਟਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕ੍ਰਿਆ ਨਿਰਵਿਘਨ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਕੇ ਸਾਫ ਸੁਥਰੇ ਪੀਣ ਵਾਲੇ ਪਾਣੀ, ਛਾਂਦਾਰ ਜਗ੍ਹਾ, ਬਿਜਲੀ ਤੇ ਸਾਫ ਸਫਾਈ ਦੇ ਮਿਆਰੀ ਪ੍ਰਬੰਧ ਵੀ ਕੀਤੇ ਗਏ ਹਨ।
ਵਿਧਾਇਕ ਗੈਰੀ ਬੜਿੰਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ਼ਾਮ 06:00 ਵਜੇ ਤੋਂ ਅਗਲੀ ਸਵੇਰ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਦਿਨੋਂ ਦਿਨ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਰਾਲੀ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।
ਇਸ ਮੌਕੇ ਚੇਅਰਮੈਨ ਜਗਦੀਪ ਸਿੰਘ ਚੱਠਾ, ਰਣਜੀਤ ਸਿੰਘ ਪਨਾਗ, ਹਰਜੀਤ ਸਿੰਘ ਗਰੇਵਾਲ, ਸਕੱਤਰ ਗੁਰਜੀਤ ਸਿੰਘ, ਸਾਬਕਾ ਸਕੱਤਰ ਸੁਰਜੀਤ ਸਿੰਘ ਚੀਮਾ, ਸੁਖਬੀਰ ਸਿੰਘ ਗਰੇਵਾਲ, ਅਮਨਿੰਦਰ ਸਿੰਘ ਗਰੇਵਾਲ, ਜਗਜੀਵਨ ਸਿੰਘ ਔਲਖ, ਭੁਪਿੰਦਰ ਸਿੰਘ ਸੰਧੂ, ਬਲਵਿੰਦਰ ਸਿੰਘ ਖੰਨਾ, ਬਲਦੇਵ ਸਿੰਘ ਵੀ ਹਾਜ਼ਰ ਸਨ।