ਧਾਰੀਵਾਲ/ਗੁਰਦਾਸਪੁਰ, 22 ਫਰਵਰੀ ( ਪੰਜਾਬੀ ਖ਼ਬਰਨਾਮਾ)
ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਫ਼ਤਹਿ ਨੰਗਲ ਰਣੀਆ ਅਤੇ ਧਾਰੀਵਾਲ ਵਿਖੇ ਲਗਾਏ ਗਏ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਚ ਸ਼ਮੂਲੀਅਤ ਕਰਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ ਕੋਲੋਂ ਉਨ੍ਹਾਂ ਦਾ ਹੱਲ ਕਰਵਾਇਆ।
ਇਸ ਮੌਕੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਪਿੰਡਾਂ ਚ ਕੈਂਪ ਲਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਆਮ ਲੋਕਾਂ ਦੀ ਦਫ਼ਤਰੀ ਖੱਜਲ ਖ਼ੁਆਰੀ ਨੂੰ ਖਤਮ ਕਰਨ ਦਾ ਉਪਰਾਲਾ ਹੈ ਜੋ ਆਮ ਲੋਕਾਂ ਦੇ ਬਹੁਤ ਰਾਸ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਵਿਭਾਗ, ਪੁਲਿਸ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਵਿਭਾਗ, ਸੇਵਾ ਕੇਂਦਰ, ਸਾਂਝ ਕੇਂਦਰ, ਕਿਰਤ ਵਿਭਾਗ, ਪਾਵਰਕਾਮ ਆਦਿ ਵਿਭਾਗ 43 ਪ੍ਰਕਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਉਂਦੇ ਹਨ।
ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਆਮ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਹੀ ਉਨ੍ਹਾਂ ਦੀਆਂ ਮੁਢਲੀਆਂ ਜ਼ਰੂਰਤਾਂ ਮੁੱਹਈਆ ਕਰਵਾਉਣਾ, ਉਨ੍ਹਾਂ ਦੀਆਂ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਮੁਸ਼ਕਿਲਾਂ ਦਾ ਮੌਕੇ ਤੇ ਹੱਲ ਕਰਵਾਉਣਾ, ਪਿੰਡਾਂ ਨੂੰ ਦਰਪੇਸ਼ ਸਾਂਝੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣਾ ਹੈ। ਸ. ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕੈਂਪ ਰੋਜ਼ਾਨਾਂ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਲਗਾਏ ਜਾ ਰਹੇ ਹਨ ਜਿਸਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।