ਕਿਸਾਨਾਂ ਨਾਲ ਨਿਰੰਤਰ ਰਾਬਤਾ ਕਾਇਮ ਕਰਕੇ ਜਾਗਰੂਕਤਾ ਵਧਾਉਣ ਦੇ ਦਿੱਤੇ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਉੱਨਤ ਕਿਸਾਨ ਐਪ ਰਾਹੀਂ ਕਿਸਾਨਾਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ’ਤੇ ਦਿੱਤਾ ਜ਼ੋਰ
ਮਾਲੇਰਕੋਟਲਾ, 14 ਅਕਤੂਬਰ:
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਅੱਜ ਵਿਭਾਗੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ, ਖੇਤੀਬਾੜੀ ਅਫ਼ਸਰ ਪਰਦੀਪ ਸਿੰਘ ਟਿਵਾਣਾ, ਡਿਪਟੀ ਰਜਿਸਟਰਾਰ ਕੋਆਪਰੇਟਿਵ ਸਭਾਵਾਂ ਕਰਨਵੀਰ ਰੰਧਾਵਾ, ਸਹਾਇਕ ਰਜਿਸਟਰਾਰ ਸਿਮਰਨਪ੍ਰੀਤ ਕੌਰ, ਡੀ.ਐਸ.ਪੀ. ਮਾਨਵਜੀਤ ਸਿੰਘ, ਡੀ.ਐਸ.ਪੀ. ਸਤੀਸ਼ ਕੁਮਾਰ, ਏ.ਐਫ.ਐਸ.ਓ. ਰਾਜਨ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ –ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਲਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ “ਉੱਨਤ ਕਿਸਾਨ ਐਪ” ਸਬੰਧੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਮਸ਼ੀਨਰੀ ਦੀ ਉਪਲਬਧਤਾ ਅਤੇ ਵਿਕਲਪਕ ਪ੍ਰਬੰਧਨ ਬਾਰੇ ਤੁਰੰਤ ਜਾਣਕਾਰੀ ਪ੍ਰਾਪਤ ਕਰ ਸਕਣ । ਉਨ੍ਹਾਂ ਕਿਹਾ ਕਿ ਨੋਡਲ ਅਤੇ ਕਲਸਟਰ ਅਫਸਰਾਂ ਨੂੰ ਪਾਬੰਦ ਕੀਤਾ ਜਾਵੇ ਕਿ ਉਹ ਕਿਸਾਨ ਵੀਰਾਂ ਨਾਲ ਨਿਰੰਤਰ ਰਾਬਤਾ ਕਾਇਮ ਕਰਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੀਆਂ ਘਟਨਾਵਾਂ ’ਤੇ ਨਜ਼ਰ ਰੱਖੀ ਜਾਵੇ, ਖਾਸਕਰ “ਹਾਟ ਸਪਾਟ ਏਰੀਆਜ਼” ‘ਤੇ ਤਿੱਖੀ ਨਿਗਰਾਨੀ ਕੀਤੀ ਜਾਵੇ।
ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਝੋਨੇ ਦੀ ਵਾਢੀ ਮੁਕੰਮਲ ਹੋ ਚੁੱਕੀ ਹੈ , ਉਨ੍ਹਾਂ ਪਿੰਡਾਂ ਚ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਦੀਆਂ ਟੀਮਾਂ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਵਾਤਾਵਰਣਕ, ਸਿਹਤ ਅਤੇ ਮਿੱਟੀ ਦੀ ਉਪਜਾਊਸ਼ਕਤੀ ‘ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਨਿਯੁਕਤ ਕਲਸਟਰ ਅਫਸਰ ਅਤੇ ਸਬੰਧਤ ਐਸ.ਐਚ.ਓ.ਆਪਸੀ ਤਾਲਮੇਲ ਨਾਲ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰ ਰਹੇ ਹਨ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ “ਜੀਰੋ ਟੋਲਰੈਂਸ” ਨੀਤੀ ਅਪਣਾ ਕੇ ਰੋਕਿਆ ਜਾ ਸਕੇ।