ਚੰਡੀਗੜ੍ਹ, 08 ਨਵੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇ ਦਿੱਤਾ ਹੈ, ਪਰ ਅਜੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਪੱਤਰ ਨਹੀਂ ਦਿੱਤਾ ਜਾ ਸਕਿਆ। ਇਸ ਦੀ ਵਜ੍ਹਾ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸਮਾਂ ਨਾ ਮਿਲਣਾ ਹੈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਹਫ਼ਤੇ ਰਾਸ਼ਟਰੀ ਦਰੋਪਤੀ ਮੂਰਮੂ ਨੂੰ ਸ਼ਹੀਦੀ ਸਮਾਗਮ ’ਚ ਸ਼ਾਮਲ ਹੋਣ ਲਈ ਸੱਦਾ ਪੱਤਰ ਦੇ ਚੁੱਕੇ ਹਨ। ਮਾਨ ਕੈਬਨਿਟ ਦੇ ਸਾਰੇ ਮੰਤਰੀ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰ ਕੇ ਰਸਮੀ ਸੱਦਾ ਪੱਤਰ ਵੀ ਦੇ ਚੁੱਕੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਿਛਲੇ ਦਿਨਾਂ ’ਚ ਹਜ਼ੂਰ ਸਾਹਿਬ ਤੇ ਪਟਨਾ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਵੀ ਸੱਦਾ ਪੱਤਰ ਦੇ ਚੁੱਕੇ ਹਨ।

ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਅੱਜ ਤੱਕ ਪੰਜਾਬ ਸਰਕਾਰ ਖ਼ਾਸ ਕਰਕੇ ਮੁੱਖ ਮੰਤਰੀ ਨੂੰ ਮਿਲਣ ਲਈ ਸਮਾਂ ਨਹੀ ਦਿੱਤਾ ਗਿਆ। ਸੂਬਾ ਸਰਕਾਰ ਪ੍ਰਧਾਨ ਮੰਤਰੀ ਦਫ਼ਤਰ ਨਾਲ ਕਈ ਵਾਰ ਸੰਪਰਕ ਕਰ ਚੁੱਕੀ ਹੈ ਪਰ ਪ੍ਰਧਾਨ ਮੰਤਰੀ ਦਫ਼ਤਰ ਨੇ ਕੋਈ ਜਵਾਬ ਨਹੀਂ ਦਿੱਤਾ। ਸਰਕਾਰ ਇਸ ਸਬੰਧੀ ਪਹਿਲਾਂ ਹੀ ਸਮਾਗਮਾਂ ਦੀ ਸ਼ੁਰੂਆਤ ਕਰ ਚੁੱਕੀ ਹੈ। ਪਿਛਲੇ ਮਹੀਨੇ 25 ਅਕਤੂਬਰ ਨੂੰ ਪੰਜਾਬ ਸਰਕਾਰ ਨੇ ਦਿੱਲੀ ਵਿਖੇ ਕੀਰਤਨ ਦਰਬਾਰ ਕਰਵਾਇਆ ਸੀ ਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਲਾਈਟ ਐਂਡ ਸਾਊਡ ਸ਼ੋਅ ਸ਼ੁਰੂ ਹੋ ਚੁੱਕੇ ਹਨ।

ਉਧਰ, ਹਰਿਆਣਾ ਸਰਕਾਰ ਵੀ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਧੂਮਧਾਮ ਨਾਲ ਮਨਾ ਰਹੀ ਹੈ। ਹਰਿਆਣਾ ਸਰਕਾਰ 25 ਨਵੰਬਰ ਨੂੰ ਕੁਰੁਕਸ਼ੇਤਰ ਵਿਖੇ ਸੂਬਾ ਪੱਧਰੀ ਸਮਾਗਮ ਕਰ ਰਹੀ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਸਮਾਗਮ ’ਚ ਆਉਣ ਦੀ ਸੰਭਾਵਨਾ ਹੈ। ਜਦਕਿ ਪੰਜਾਬ ਸਰਕਾਰ ਵਲੋਂ 24-25 ਨਵੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ’ਚ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ।

ਇਹ ਹਨ ਪ੍ਰਮੁੱਖ ਸਮਗਾਮ

ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਤੱਕ ਸਮਾਗਮ ਹੋਣਗੇ। ਪ੍ਰੋਗਰਾਮ ਅਨੁਸਾਰ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਸਰਬ ਧਰਮ ਸੰਮੇਲਨ, ਵਿਰਾਸਤ-ਏ-ਖ਼ਾਲਸਾ ਵਿਖੇ ਇਕ ਪ੍ਰਦਰਸ਼ਨੀ, ਸ਼ਾਮ 5 ਵਜੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਕੁਰਬਾਨੀ ਨੂੰ ਦਰਸਾਉਂਦਾ ਆਪਣੀ ਕਿਸਮ ਦਾ ਪਹਿਲਾ ਡਰੋਨ ਸ਼ੋਅ ਅਤੇ ਸ਼ਾਮ 6 ਵਜੇ ਕੀਰਤਨ ਦਰਬਾਰ ਹੋਵੇਗਾ। ਦਿਨ ਦੀ ਸਮਾਪਤੀ “ਸ਼ਹਾਦਤ ਦੀ ਲੋਅ” ਨਾਲ ਹੋਵੇਗੀ,ਜਿਸ ਤਹਿਤ ਮਸ਼ਾਲਾਂ ਜਗਾ ਕੇ ਪਵਿੱਤਰ ਸ਼ਹਿਰ ਨੂੰ ਰੌਸ਼ਨ ਕੀਤਾ ਜਾਵੇਗਾ। 24 ਨਵੰਬਰ ਨੂੰ ਨਗਰ ਕੀਰਤਨ ‘ਸੀਸ ਭੇਟ’ ਸ੍ਰੀ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਆਵੇਗਾ।

ਵਿਧਾਨ ਸਭਾ ਦਾ ਹੋਵੇਗਾ ਵਿਸ਼ੇਸ਼ ਸੈਸ਼ਨ

ਪੰਜਾਬ ਵਿਧਾਨ ਸਭਾ ਵੱਲੋਂ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਸ਼ੇਸ਼ ਇਜਲਾਸ ਕਰਵਾਇਆ ਜਾਵੇਗਾ। ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਚੱਲਣ ਵਾਲੇ ਇਸ ਸੈਸ਼ਨ ’ਚ ਨੌਵੇਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ 9ਵੇਂ ਪਾਤਸ਼ਾਹ ਦੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਜਾਵੇਗਾ।

“ਸਰਬ ਧਰਮ ਸੰਮੇਲਨ” ’ਚ ਪੰਜਾਂ ਤਖ਼ਤਾਂ ਦੇ ਜਥੇਦਾਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ, ਸ੍ਰੀ ਸ੍ਰੀ ਰਵੀ ਸ਼ੰਕਰ ਤੇ ਸ੍ਰੀ ਲੋਕੇਸ਼ ਮੁਨੀ ਜੀ ਸਮੇਤ ਹੋਰ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ ਨੂੰ ਸ਼ਾਮਲ ਹੋਣ ਲਈ ਸਰਕਾਰ ਨੇ ਸੱਦਾ ਪੱਤਰ ਦਿੱਤਾ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ ਨੂੰ ਦਰਸਾਉਂਦਾ 500 ਡ੍ਰੋਨਾਂ ਵਾਲਾ ਤਿੰਨ ਰੋਜ਼ਾ (23 ਤੋਂ 25 ਨਵੰਬਰ) ਡ੍ਰੋਨ ਸ਼ੋਅ ਕਰਵਾਇਆ ਜਾਵੇਗਾ।

ਸੰਖੇਪ:

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦੇ ਭੇਜੇ ਗਏ ਹਨ, ਪਰ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਹਾਲੇ ਤੱਕ ਸਮਾਂ ਨਹੀਂ ਮਿਲਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।