ਖਰੜ,  23  ਫਰਵਰੀ (ਪੰਜਾਬੀ ਖ਼ਬਰਨਾਮਾ):“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਸੋਲੀ ਅਤੇ ਸੰਗਾਲਾ  ਵਿਖੇ ਲਗਾਏ ਗਏ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨਾਂ ਦਾ ਨਿਪਟਾਰਾ ਕਰਵਾਉਣ ਉਪਰੰਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਆਪਣਾ ਵਾਅਦਾ ਪੂਰਾ  ਕੀਤਾ ਗਿਆ ਹੈ ਕਿ ਹੁਣ ਇਹ ਸਰਕਾਰ ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲੇਗੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪਿੰਡ ਕਸੋਲੀ ਵਿੱਚ ਆਮ ਲੋਕਾਂ ਦੀਆਂ  ਸ਼ਿਕਾਇਤਾਂ/ਮੁਸ਼ਕਿਲਾਂ ਨੂੰ ਸੁਣਿਆ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਇਹਨਾ ਕੈਂਪਾ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਲੰਬਿਤ ਪਏ ਕੰਮ ਪੂਰੇ ਕਰਵਾਉਣ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚਲਾਈ ਗਈ  ਮੁਹਿੰਮ “ਆਪ ਦੀ ਸਰਕਾਰ, ਆਪ ਦੇ ਦੁਆਰ”  ਸਦਕਾ ਅੱਜ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਆਮ ਨਾਗਰਿਕਾਂ ਪਾਸ ਉਨ੍ਹਾਂ ਦੇ ਪਿੰਡਾਂ/ਵਾਰਡਾਂ ਵਿੱਚ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚੋਂ ਆਪਣੇ ਸਰਕਾਰੀ ਕੰਮ ਕਰਵਾਉਣ ਉਪਰੰਤ ਲੋਕ ਰਾਹਤ ਮਹਿਸੂਸ ਕਰ ਰਹੇ ਹਨ ਕਿ ਸਰਕਾਰ ਦੇ ਇਸ ਉਦਮ ਨਾਲ ਉਨ੍ਹਾਂ ਦੇ ਕੰਮ ਬਿਨਾਂ ਕਿਸੇ ਖੱਜਲ-ਖੁਆਰੀ ਦੇ ਘਰ ਬੈਠੇ ਹੀ ਹੋ ਰਹੇ ਹਨ। ਇੰਨ੍ਹਾਂ ਕੈਪਾਂ ਵਿੱਚ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਹ ਪਹਿਲਕਦਮੀ ਹੈ ਕਿ ਵੱਖੋ ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀ ਆਪ ਚਲ ਕੇ ਲੋਕਾਂ ਤੱਕ ਪਹੁੰਚ ਕਰ ਰਹੇ ਹਨ  ਅਤੇ ਬਿਨਾਂ ਸਮਾਂ ਗੁਆਏ ਲੋਕ ਆਪਣੇ ਕੰਮ ਕਰਵਾ ਰਹੇ ਹਨ।

 ਕੈਬਨਿਟ ਮੰਤਰੀ ਨੇ ਪਿੰਡ ਸੰਗਾਲਾ ਵਿੱਚ ਖੇਡ ਦਾ ਮੈਦਾਨ, ਜਿੰਮ ਅਤੇ ਪਾਰਕ ਬਣਾਉਣ ਲਈ ਕਿਹਾ ਅਤੇ ਪਿੰਡ ਨੂੰ 3 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਅਤੇ ਪਿੰਡ ਦੇ ਵਿਕਾਸ ਲਈ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ, ਗੰਦੇ ਪਾਣੀ ਦੀ ਨਿਕਾਸੀ ਅਤੇ ਗਲੀਆਂ ਨਾਲੀਆਂ ਜਲਦੀ ਪੱਕੀ ਕਰਵਾਉਣ ਲਈ ਕਿਹਾ। 

ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਨ ਘਰ ਘਰ ਪੁੱਜਦਾ ਕੀਤਾ ਜਾ ਰਿਹਾ ਹੈ, ਜਿਸ ਸਦਕਾ ਲੋਕ ਬਹੁਤ ਖੁਸ਼ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ੇ ਵੇਚਣ ਵਾਲਿਆਂ ਸਬੰਧੀ ਸਰਕਾਰ ਨੂੰ ਸੂਚਿਤ ਕਰਨ ਅਤੇ ਉਹਨਾ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕੋਈ ਕਰਮਚਾਰੀ/ ਅਧਿਕਾਰੀ ਉਹਨਾ ਪਾਸੋਂ ਰਿਸ਼ਵਤ ਦੀ ਮੰਗ ਕਰਦਾ ਤਾਂ ਉਹਨਾ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਤੋਂ ਇਲਾਵਾ  ਉਹਨਾਂ ਨੇ ਪਿੰਡ ਕਸੋਲੀ ਦੇ ਨੌਜਵਾਨਾ ਨੂੰ ਖੇਡ ਕਿਟਾਂ ਵੀ ਵੰਡੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੋਕਾਂ ਵੱਲੋਂ ਪ੍ਰਸੰਸ਼ਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਕੰਮ ਘਰ ਬੈਠੇ ਹੀ ਹੋ ਰਹੇ ਹਨ। ਇੰਨ੍ਹਾਂ ਕੈਪਾਂ ਦਾ ਮਕਸਦ ਹੀ ਲੋਕਾਂ ਨੂੰ  ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕਰਨਾ ਹੈ। 

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਇਕ ਬਹੁਤ ਹੀ ਵੱਡਾ ਉਪਰਾਲਾ ਹੈ ਕਿ ਆਮ ਲੋਕਾਂ ਨੂੰ ਖੱਜਲ-ਖੁਆਰੀ  ਅਤੇ ਵਿੱਤੀ ਨੁਕਸਾਨ ਤੋਂ ਬਚਾਇਆ ਜਾ ਸਕੇ ਅਤੇ ਘਰ ਬੈਠੇ ਹੀ ਉਨ੍ਹਾਂ ਦੀਆਂ ਮੁਸ਼ਿਕਲਾਂ ਦਾ ਹੱਲ ਕੀਤਾ ਜਾ ਸਕੇ।  ਇਸ ਲੜੀ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਗਰਾਮ ਸ਼ਰੂ ਕੀਤਾ ਗਿਆ ਹੈ ਜੋ ਕਿ ਸਫਲਤਾ ਪੂਰਵਕ ਚਲ ਰਿਹਾ ਹੈ।

ਕੈਬਨਿਟ ਮੰਤਰੀ ਨੇ ਕੈਂਪ ਵਿਚ ਹਾਜ਼ਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਆਮ ਲੋਕਾਂ ਦੀਆਂ ਸਰਕਾਰੀ ਕੰਮਾਂ ਨਾਲ  ਸਬੰਧਤ ਪ੍ਰਾਪਤ ਅਰਜ਼ੀਆਂ ਨੂੰ ਜਲਦੀ ਨਿਪਟਾਉਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਸਰਕਾਰ ਵੱਲੋਂ  ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਹਦਾਇਤ ਵੀ ਕੀਤੀ। ਇਸ ਮੌਕੇ ਵੱਖੋ ਵੱਖ ਅਧਿਕਾਰੀਆਂ ਸਮੇਤ ਬੀ.ਡੀ. ਪੀ.ਓ. ਸ਼੍ਰੀ ਵਿਨੋਦ ਜੋਸ਼ੀ, ਡੀ.ਐਸ.ਪੀ ਧਰਮਵੀਰ ਸਿੰਘ, ਨਾਇਬ ਤਹਿਸੀਲਦਾਰ ਮਾਜਰੀ ਸ਼੍ਰੀਮਤੀ ਜਸਬੀਰ ਕੌਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ। 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਜ਼ਰੂਰ ਸਾਮਿਲ ਹੋਣ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਅਤੇ ਆਪਣੀਆਂ ਮੁਸ਼ਕਲਾਂ ਮੌਕੇ ‘ਤੇ ਹੀ ਹੱਲ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।