ਕਪੂਰਥਲਾ, 23 ਫਰਵਰੀ (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 1 ਤੋਂ 3 ਮਾਰਚ ਤੱਕ ਸਥਾਨਕ ਸੈਨਿਕ ਸਕੂਲ ਵਿਖੇ ਕਪੂਰਥਲਾ ਹੈਰੀਟੇਜ ਫੈਸਟੀਵਲ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸੂਬੇ ਦੀ ਅਮੀਰ ਵਿਰਾਸਤ ਨਾਲ ਸਬੰਧਤ ਵੱਖ-ਵੱਖ ਪ੍ਰਦਰਸ਼ਨੀਆਂ, ਸੱਭਿਆਚਾਰਕ ਵੰਨਗੀਆਂ, ਲੋਕ ਨਾਚ ਅਤੇ ਸਮਾਜਿਕ ਕੁਰੀਤੀਆਂ ਖਿਲਾਫ਼ ਸੁਨੇਹਾ ਦਿੰਦੇ ਨਾਟਕ ਪੇਸ਼ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਰਾਸਤੀ ਮੇਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਖਾਸਕਰ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਰਾਸਤੀ ਮੇਲੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਤਾਂ ਜੋ ਉਹ ਪੰਜਾਬ ਦੀ ਅਮੀਰ ਵਿਰਾਸਤ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਹੁੰਦਿਆਂ ਮੇਲੇ ਵਿਚਲੀਆਂ ਮਨੋਰੰਜਕ ਸਰਗਰਮੀਆਂ ਦਾ ਆਨੰਦ ਮਾਣ ਸਕਣ। ਉਨ੍ਹਾਂ ਦੱਸਿਆ ਕਿ ਵਿਰਾਸਤੀ ਮੇਲੇ ਦੌਰਾਨ ਲੋਕਾਂ ਦੀ ਭਾਰੀ ਆਮਦ ਅਤੇ ਉਨ੍ਹਾਂ ਦੀ ਸਹੂਲਤ ਦੇ ਮੱਦੇਨਜ਼ਰ ਹਰ ਪੱਖੋਂ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੀਆਂ ਤਿਆਰੀਆਂ ਤਰਜੀਹ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਦੇ ਨਿਰਦੇਸ਼ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਵਿਰਾਸਤੀ ਮੇਲੇ ਵਾਲੇ ਸਥਾਨ ’ਤੇ ਪ੍ਰਦਰਸ਼ਨੀਆਂ ਅਤੇ ਸਟਾਲ ਲਗਾਉਣ ਦੇ ਚਾਹਵਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਵਿੱਚ 27 ਫਰਵਰੀ ਤੱਕ ਰਾਬਤਾ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਆਰ.ਸੀ. ਬਿਰਹਾ ਨੂੰ ਇਸ ਕਾਰਜ ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 98146-78434 ਰਾਹੀਂ ਮੇਲੇ ਵਿੱਚ ਸਟਾਲ ਲਾਉਣ ਲਈ ਜਾਣਕਾਰੀ ਲਈ ਜਾ ਸਕਦੀ ਹੈ।
ਵਿਰਾਸਤੀ ਮੇਲੇ ਦੀਆਂ ਤਿਆਰੀਆਂ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਿਖਾ ਭਗਤ ਨੇ ਸ਼ੁੱਕਰਵਾਰ ਨੂੰ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਮੇਂ ਸਿਰ ਲੋੜੀਂਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ ਜਾਵੇ।
ਕੈਪਸ਼ਨ : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਕਪੂਰਥਲਾ ਵਿਰਾਸਤੀ ਮੇਲੇ ਬਾਰੇ ਜਾਣਕਾਰੀ ਦਿੰਦੇ ਹੋਏ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼ਿਖਾ ਭਗਤ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।