ਅੰਮ੍ਰਿਤਸਰ, 04 ਦਸੰਬਰ 2025 (ਪੰਜਾਬੀ ਖਬਰਨਾਮਾ ਬਿਊਰੋ):- 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਨਾਨਕਸ਼ਾਹੀ ਕੈਲੰਡਰ ਅਨੁਸਾਰ ਆ ਰਿਹਾ ਹੈ। ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦੀ ਪੰਦੜਵਾੜਾ ਮਨਾਉਂਦੇ ਹੋਏ ਸਾਦੇ ਲੰਗਰ ਆਦਿ ਦਾ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਿਛਲੇ ਸਮੇਂ ਦੌਰਾਨ ਹੋ ਚੁੱਕਾ ਹੈ। ਇਸ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 27 ਦਸੰਬਰ ਦੀ ਥਾਂ ਕਿਸੇ ਹੋਰ ਤਰੀਕ ਨੂੰ ਮਨਾਉਣ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਗਿਆ ਹੈ। ਜਦਕਿ ਕੁਝ ਸੁਝਾਅ 1 ਜਨਵਰੀ ਨੂੰ ਮਨਾਉਣ ਲਈ ਪਹੁੰਚੇ ਹਨ, ਜਿਸ ਸਬੰਧੀ ਆਉਣ ਵਾਲੇ ਸਮੇਂ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਇਸ ਮਾਮਲੇ ਨੂੰ ਵਿਚਾਰਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਕਿਸੇ ਹੋਰ ਦਿਨ ਮਨਾਉਂਣ ਲਈ ਫ਼ੈਸਲਾ ਕੀਤਾ ਜਾਵੇਗਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹੋਰ ਕਈ ਸੰਸਥਾਵਾਂ ਦੇ ਆਗੂਆਂ ਵੱਲੋਂ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਸ ਮੰਗ ਨੂੰ ਭੇਜਿਆ ਗਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਕਿਸੇ ਹੋਰ ਤਰੀਕ ਨੂੰ ਮਨਾਉਣ ਦਾ ਆਦੇਸ਼ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਵੇ ਤਾਂ ਜੋ ਸੰਗਤ ’ਚ ਪੈਦਾ ਹੋਈ ਦੁਬਿਧਾ ਨੂੰ ਖਤਮ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਪੋਹ ਸੁਦੀ 7 ਨੂੰ ਮਨਾਇਆ ਜਾਂਦਾ ਹੈ ਜੋ 25 ਦਸੰਬਰ ਨੂੰ ਆਈ ਹੈ।
