ਫ਼ਤਹਿਗੜ੍ਹ ਸਾਹਿਬ, 23 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਦੀਵਾਨ ਟੋਡਰ ਮੱਲ ਨਿਵਾਸ’ ਦੀ ਨਿਰਮਾਣ ਕਾਰਜ ਲਈ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਜੀ ਵੱਲੋਂ ਅਰਦਾਸ ਉਪਰੰਤ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ।
ਇਸ ਸਰਾਂ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਜੀ ਦਿੱਲੀ ਵਾਲਿਆਂ ਦੀ ਅਗਵਾਈ ਹੇਠ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੌਜੂਦਾ ਜਥੇਦਾਰ ਬਾਬਾ ਗੁਲਜ਼ਾਰ ਸਿੰਘ ਜੀ ਵੱਲੋਂ ਕਰਵਾਈ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਸੁਰਜੀਤ ਸਿੰਘ ਗੜੀ, ਜਥੇਦਾਰ ਬਲਦੇਵ ਸਿੰਘ ਕਾਇਮਪੁਰੀ (ਮੈਂਬਰ ਐਸਜੀਪੀਸੀ ਹਰਿਆਣਾ), ਜਥੇਦਾਰ ਅਜਮੇਰ ਸਿੰਘ ਖੇੜਾ, ਸਥਾਨਕ ਪ੍ਰਬੰਧਕ, ਸੰਤ-ਮਹਾਂਪੁਰਖ ਅਤੇ ਵੱਡੀ ਗਿਣਤੀ ਵਿੱਚ ਸਾਧ ਸੰਗਤ ਹਾਜ਼ਰ ਸੀ।
ਇਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਐਸਜੀਪੀਸੀ ਵੱਲੋਂ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਂ ਬਣਨ ਵਾਲੀ ਇਹ ਸਰਾਂ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ, ਜਿਸ ਨਾਲ ਖ਼ਾਸ ਤੌਰ ’ਤੇ ਸ਼ਹੀਦੀ ਸਭਾ ਅਤੇ ਹੋਰ ਵੱਡੇ ਧਾਰਮਿਕ ਸਮਾਗਮਾਂ ਦੌਰਾਨ ਸੰਗਤਾਂ ਨੂੰ ਰਹਿਣ ਲਈ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸਰਾਂ ਵਿੱਚ ਲਗਪਗ 200 ਕਮਰੇ ਹੋਣਗੇ।
ਨੀਂਹ ਪੱਥਰ ਰੱਖੇ ਜਾਣ ਉਪਰੰਤ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੱਲੋਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਾਂ ਦੇ ਨਿਰਮਾਣ ਲਈ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸਰਾਹਣਯੋਗ ਹੈ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਾਲ ਭਰ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਆਉਂਦੀ ਹੈ ਅਤੇ ਇਸ ਸਰਾਂ ਦੇ ਤਿਆਰ ਹੋਣ ਨਾਲ ਸੰਗਤਾਂ ਨੂੰ ਰਹਿਣ ਲਈ ਵੱਡੀ ਸਹੂਲਤ ਪ੍ਰਾਪਤ ਹੋਵੇਗੀ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਗੁਰਦੀਪ ਸਿੰਘ ਕੰਗ ਵੱਲੋਂ ਸਮੂਹ ਸੰਗਤ, ਐਸਜੀਪੀਸੀ ਮੈਂਬਰਾਂ ਅਤੇ ਸਹਿਯੋਗ ਕਰਨ ਵਾਲੇ ਸਭ ਵਿਅਕਤੀਆਂ ਦਾ ਧੰਨਵਾਦ ਕਰਦੇ ਹੋਏ ਆਸ ਪ੍ਰਗਟ ਕੀਤੀ ਗਈ ਕਿ ਇਹ ਪ੍ਰੋਜੈਕਟ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ।
