ਚੰਡੀਗੜ੍ਹ, 03 ਫਰਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਣਹਾਨੀ ਦੇ 9 ਸਾਲ ਪੁਰਾਣੇ ਮਾਮਲੇ ਵਿੱਚ ਅਦਾਲਤ ਤੋਂ ਨਿੱਜੀ ਪੇਸ਼ੀ ਵਿੱਚ ਛੋਟ ਮੰਗੀ ਹੈ। ਸੋਮਵਾਰ ਨੂੰ ਇਹ ਅਰਜ਼ੀ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਦਾਖਲ ਕੀਤੀ ਗਈ, ਜਿਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 14 ਫਰਵਰੀ ਤੈਅ ਕੀਤੀ ਗਈ ਹੈ। ਅਰਜ਼ੀ ਵਿੱਚ ਦਰਸਾਇਆ ਗਿਆ ਹੈ ਕਿ 2 ਫਰਵਰੀ 2026 ਨੂੰ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਹੱਤਵਪੂਰਨ ਪਾਰਟੀ ਮੀਟਿੰਗ ਨਿਰਧਾਰਤ ਹੈ।

ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਬਹੁਤ ਜ਼ਰੂਰੀ ਦੱਸੀ ਗਈ ਹੈ। ਅਰਜ਼ੀ ਅਨੁਸਾਰ ਜੇ ਉਹ ਮੀਟਿੰਗ ਵਿੱਚ ਸ਼ਾਮਲ ਨਹੀਂ ਹੁੰਦੇ, ਤਾਂ ਦੂਰ-ਦਰਾਜ਼ ਤੋਂ ਆਏ ਲੋਕਾਂ ਨੂੰ ਬਿਨਾਂ ਕਿਸੇ ਠੋਸ ਨਤੀਜੇ ਦੇ ਵਾਪਸ ਮੁੜਨਾ ਪੈ ਸਕਦਾ ਹੈ, ਜਿਸ ਨਾਲ ਮੀਟਿੰਗ ਦਾ ਮਕਸਦ ਪ੍ਰਭਾਵਿਤ ਹੋਵੇਗਾ। ਸੁਖਬੀਰ ਸਿੰਘ ਬਾਦਲ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਅੱਜ ਦੀ ਗੈਰ-ਹਾਜ਼ਰੀ ਨਾ ਤਾਂ ਜਾਣਬੁੱਝ ਕੇ ਹੈ ਅਤੇ ਨਾ ਹੀ ਕਿਸੇ ਮਾੜੀ ਭਾਵਨਾ ਨਾਲ, ਬਲਕਿ ਪਹਿਲਾਂ ਤੋਂ ਨਿਧਾਰਤ ਰਾਜਨੀਤਿਕ ਪ੍ਰੋਗਰਾਮ ਦੇ ਕਾਰਨ ਹੈ।

ਨਾਲ ਹੀ ਅਦਾਲਤ ਨੂੰ ਇਹ ਭਰੋਸਾ ਵੀ ਦਿੱਤਾ ਗਿਆ ਕਿ ਅਗਲੀ ਸੁਣਵਾਈ ਦੀ ਤਰੀਕ ’ਤੇ ਸੁਖਬੀਰ ਸਿੰਘ ਬਾਦਲ ਖੁਦ ਅਦਾਲਤ ਵਿੱਚ ਪੇਸ਼ ਹੋਣਗੇ। ਗੌਰਤਲਬ ਹੈ ਕਿ ਦਸੰਬਰ ਵਿੱਚ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ 17 ਜਨਵਰੀ ਨੂੰ ਅਦਾਲਤ ਵਿੱਚ ਹਾਜ਼ਰ ਹੋ ਕੇ ਸਰੈਂਡਰ ਕੀਤਾ ਸੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।