ਰੂਪਨਗਰ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸਫਲਤਾ-ਪੂਰਵਕ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, 06-ਅਨੰਦਪੁਰ ਸਾਹਿਬ ਲੋਕ ਸਭਾ ਹਲਕਾ ਅਤੇ ਇਲੈਕਸ਼ਨ ਤਹਿਸੀਲਦਾਰਾਂ ਨਾਲ ਕਮੇਟੀ ਰੂਮ ਮਿੰਨੀ ਸਕੱਤਰੇਤ ਰੂਪਨਗਰ ਵਿਖੇ ਇੱਕ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ 2024 ਨੂੰ ਦੇਖਦੇ ਹੋਏ ਸਮੂਹ ਨਿਗਰਾਨ ਟੀਮਾਂ ਅਤੇ ਹੋਰ ਅਮਲੇ ਦੀਆਂ ਡਿਊਟੀਆਂ ਆਪਣੇ ਪੱਧਰ ਤੇ ਲਗਾ ਲਈਆਂ ਜਾਣ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਪਿੰਡਾਂ, ਮੁਹੱਲਿਆਂ ਅਤੇ ਸਕੂਲਾਂ/ਕਾਲਜਾਂ ਵਿੱਚ ਜਾਕੇ ਵੋਟ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਪੰਗ ਵੋਟਰਾਂ ਉੱਤੇ ਜ਼ਿਆਦਾ ਧਿਆਨ ਦਿੰਦਿਆਂ ਹੋਇਆ ਉਨ੍ਹਾਂ ਨੂੰ ਵੋਟਾਂ ਪਾਉਣ ਲਈ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੁਵਿਧਾਵਾਂ ਬਾਰੇ ਜਾਣੂੰ ਕਰਵਾਇਆ ਜਾਵੇ।
ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਵਿੱਚ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਪਿਛਲੀ ਵਾਰ ਦੀ ਵੋਟ ਪ੍ਰਤੀਸ਼ਤ, ਇਸ ਵਾਰ ਦੀ ਵੋਟ ਪ੍ਰਤੀਸ਼ਤਤਾ ਤੋਂ ਜ਼ਿਆਦਾ ਹੋਣੀ ਚਾਹੀਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਰੂਪਨਗਰ, ਨਵਾਂਸ਼ਹਿਰ, ਸਾਰੇ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, 06-ਅਨੰਦਪੁਰ ਸਾਹਿਬ ਲੋਕ ਸਭਾ ਹਲਕਾ, ਸੀ.ਐਮ.ਐਫ.ਓ, ਮੋਹਾਲੀ, ਸਾਰੇ ਚੋਣ ਤਹਿਸੀਲਦਾਰ ਹੁਸ਼ਿਆਰਪੁਰ, ਮੋਹਾਲੀ ਅਤੇ ਡੀਲਿੰਗ ਹੈੱਡ ਸਮੇਟ ਟੈਕਨੀਕਲ ਕਰਮਚਾਰੀ ਹਾਜ਼ਿਰ ਸਨ।