ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ
ਚੰਡੀਗੜ੍ਹ, 11 ਮਾਰਚ 2026: ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਸਰੇ ਪੱਧਰ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਕਾਰਨ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਮਹੱਤਵਪੂਰਨ ਸਿਹਤ ਸੇਵਾ ਕੇਂਦਰ ਵਜੋਂ ਉਭਰ ਰਿਹਾ ਹੈ। ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿੱਚ ਇੱਕ ਨਵਾਂ ਮਲਟੀ-ਸਪੈਸ਼ਲਟੀ ਹਸਪਤਾਲ ਸਥਾਪਤ ਕੀਤਾ ਜਾਵੇਗਾ। ਇਹ ਪੰਜਾਬ ਦੀ ਸਿਹਤ ਸੇਵਾ ਸਮਰੱਥਾ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਦੱਸਿਆ ਕਿ ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 368 ਬੈੱਡਾਂ ਵਾਲਾ ਮਲਟੀ-ਸਪੈਸ਼ਲਟੀ ਤੀਸਰੇ ਪੱਧਰ ਦੀ ਸਿਹਤ ਸੇਵਾ ਵਾਲਾ ਹਸਪਤਾਲ ਬਣਾਉਣ ਲਈ ਪ੍ਰਾਈਮਵਾਕ ਇੰਫਰਾ ਪ੍ਰਾਈਵੇਟ ਲਿਮਟਿਡ ਨਾਲ ਲੰਬੇ ਸਮੇਂ ਲਈ ਸਮਝੌਤਾ ਕੀਤਾ ਗਿਆ ਹੈ।
ਇਹ ਹਸਪਤਾਲ ਨੈਸ਼ਨਲ ਹਾਈਵੇ ’ਤੇ ਸਥਿਤ ਸ਼ੇਰਪੁਰ ਚੌਕ ਦੇ ਨੇੜੇ ਬਣਾਇਆ ਜਾ ਰਿਹਾ ਹੈ, ਤਾਂ ਜੋ ਲੁਧਿਆਣਾ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੇ ਮਰੀਜ਼ਾਂ ਨੂੰ ਆਸਾਨ ਪਹੁੰਚ ਮਿਲ ਸਕੇ। ਇਹ ਹਸਪਤਾਲ ਇਸ ਵੇਲੇ ਨਿਰਮਾਣ ਅਧੀਨ ਹੈ ਅਤੇ ਅਗਲੇ 18 ਮਹੀਨਿਆਂ ਵਿੱਚ ਪੜਾਅਵਾਰ ਤਰੀਕੇ ਨਾਲ ਚਾਲੂ ਹੋ ਜਾਵੇਗਾ।
ਪ੍ਰੋਜੈਕਟ ਦੇ ਪੱਧਰ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦਾ ਕੁੱਲ ਨਿਰਮਿਤ ਖੇਤਰਫਲ 2.3 ਲੱਖ ਵਰਗ ਫੁੱਟ ਤੋਂ ਵੱਧ ਹੋਵੇਗਾ ਅਤੇ ਇਸ ਨੂੰ 9,500 ਤੋਂ ਵੱਧ ਵਰਗ ਗਜ਼ ਫ੍ਰੀਹੋਲਡ ਜ਼ਮੀਨ ’ਤੇ ਵਿਕਸਿਤ ਕੀਤਾ ਜਾਵੇਗਾ। ਲਿਵਾਸਾ ਗਰੁੱਪ ਇਸ ਪ੍ਰੋਜੈਕਟ ਵਿੱਚ ਲਗਭਗ 235 ਕਰੋੜ ਰੁਪਏ ਦਾ ਨਿਵੇਸ਼ ਕਰ ਰਿਹਾ ਹੈ ਅਤੇ ਜ਼ਮੀਨ ਮਾਲਕਾਂ ਦੇ ਯੋਗਦਾਨ ਸਮੇਤ ਕੁੱਲ ਨਿਵੇਸ਼ 360 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਇਸ ਪ੍ਰੋਜੈਕਟ ਨੂੰ ਪੀਰਾਮਲ ਗਰੁੱਪ ਅਤੇ ਬੈਨ ਕੈਪਿਟਲ ਦੀ ਸਪੈਸ਼ਲ ਸਿਚੂਏਸ਼ਨ ਟੀਮ ਦੇ ਸਾਂਝੇ ਉੱਦਮ ‘ਇੰਡੀਆ ਰਿਸਰਜੈਂਸ ਫੰਡ’ ਦਾ ਸਮਰਥਨ ਪ੍ਰਾਪਤ ਹੈ।
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੇ ਸਿਹਤ ਖੇਤਰ ਅਤੇ ਆਰਥਿਕ ਸਮਰੱਥਾ ’ਤੇ ਨਿਵੇਸ਼ਕਾਂ ਦੇ ਮਜ਼ਬੂਤ ਭਰੋਸੇ ਨੂੰ ਦਰਸਾਉਂਦਾ ਹੈ।
ਲਿਵਾਸਾ ਹਸਪਤਾਲ ਪਹਿਲਾਂ ਹੀ ਪੰਜਾਬ ਵਿੱਚ ਮੋਹਾਲੀ (ਫਲੈਗਸ਼ਿਪ ਸੈਂਟਰ), ਅੰਮ੍ਰਿਤਸਰ, ਐਸਬੀਐਸ ਨਗਰ (ਨਵਾਂਸ਼ਹਿਰ), ਹੋਸ਼ਿਆਰਪੁਰ ਅਤੇ ਖੰਨਾ ਵਿੱਚ ਹਸਪਤਾਲਾਂ ਦੇ ਨਾਲ ਇੱਕ ਮਜ਼ਬੂਤ ਖੇਤਰੀ ਨੈੱਟਵਰਕ ਚਲਾ ਰਿਹਾ ਹੈ। ਇਸ ਨਵੇਂ ਪ੍ਰੋਜੈਕਟ ਨਾਲ ਲਿਵਾਸਾ ਦਾ ਟੀਚਾ ਪੰਜਾਬ ਵਿੱਚ ਆਪਣੀ ਕੁੱਲ ਸਮਰੱਥਾ ਨੂੰ 2,000 ਬੈੱਡਾਂ ਤੱਕ ਵਧਾਉਣਾ ਹੈ, ਜਿਸ ਨਾਲ ਸੂਬੇ ਦੇ ਉੱਨਤ ਸਿਹਤ ਸੇਵਾ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।
ਲਿਵਾਸਾ ਹਸਪਤਾਲ ਦੇ ਸੀਈਓ ਅਨੁਰਾਗ ਯਾਦਵ ਨੇ ਦੱਸਿਆ ਕਿ ਅਸੀਂ 38 ਤੋਂ ਵੱਧ ਮੈਡੀਕਲ ਸਪੈਸ਼ਲਟੀਜ਼, 800 ਤੋਂ ਵੱਧ ਬੈੱਡ, 250 ਤੋਂ ਵੱਧ ਸੀਨੀਅਰ ਸਲਾਹਕਾਰ, 280 ਆਈਸੀਯੂ ਬੈੱਡ, 20 ਆਧੁਨਿਕ ਓਪਰੇਸ਼ਨ ਥੀਏਟਰ ਅਤੇ 6 ਅਡਵਾਂਸ ਕੈਥ ਲੈਬਾਂ ਦੇ ਨਾਲ ਤਕਨਾਲੋਜੀ-ਆਧਾਰਿਤ ਤੀਸਰੇ ਅਤੇ ਚੌਥੇ ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਸਾਡੀਆਂ ਵਿਸ਼ੇਸ਼ ਸੇਵਾਵਾਂ ਵਿੱਚ ਕਾਰਡੀਓਲੋਜੀ ਅਤੇ ਕਾਰਡੀਅਕ ਸਰਜਰੀ, ਆਂਕੋਲੋਜੀ ਅਤੇ ਅਡਵਾਂਸ ਕੈਂਸਰ ਕੇਅਰ, ਨਿਊਰੋਲੋਜੀ ਅਤੇ ਨਿਊਰੋਸਰਜਰੀ, ਰੋਬੋਟਿਕ ਔਰਥੋਪੀਡਿਕ ਸਰਜਰੀ ਅਤੇ ਜੋਇੰਟ ਰਿਪਲੇਸਮੈਂਟ, ਗੈਸਟ੍ਰੋਐਂਟਰੋਲੋਜੀ ਅਤੇ ਲਿਵਰ ਕੇਅਰ, ਕਿਡਨੀ ਟ੍ਰਾਂਸਪਲਾਂਟ ਅਤੇ ਨੇਫਰੋਲੋਜੀ ਅਤੇ 24×7 ਗੰਭੀਰ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਸ਼ਾਮਲ ਹਨ।
ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਏਗਾ, ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਉੱਨਤ ਤੀਸਰੇ ਪੱਧਰ ਦੀਆਂ ਮੈਡੀਕਲ ਸੇਵਾਵਾਂ ਮਿਲ ਸਕਣਗੀਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਜਾਂ ਹੋਰ ਮਹਾਨਗਰਾਂ ਦਾ ਰੁਖ ਨਹੀਂ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ। ਇਸ ਹਸਪਤਾਲ ਰਾਹੀਂ ਸਿਹਤ ਖੇਤਰ ਵਿੱਚ ਸੈਂਕੜਿਆਂ ਕੁਸ਼ਲ ਅਤੇ ਅਰਧ-ਕੁਸ਼ਲ ਨੌਕਰੀਆਂ ਉਪਲਬਧ ਹੋਣਗੀਆਂ।
ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਨੂੰ ਇੱਕ ਮੈਡੀਕਲ ਹੱਬ ਵਜੋਂ ਵਿਕਸਿਤ ਕਰਨ ’ਤੇ ਖਾਸ ਧਿਆਨ ਦੇ ਰਹੀ ਹੈ ਅਤੇ ਇਸ ਪ੍ਰੋਜੈਕਟ ਰਾਹੀਂ ਪੰਜਾਬ ਉੱਤਰੀ ਭਾਰਤ ਵਿੱਚ ਉੱਨਤ ਸਿਹਤ ਸੇਵਾਵਾਂ ਦਾ ਖੇਤਰੀ ਕੇਂਦਰ ਬਣ ਕੇ ਉਭਰੇਗਾ।
ਪੰਜਾਬ ਸਰਕਾਰ ਆਧੁਨਿਕ ਮੈਡੀਕਲ ਬੁਨਿਆਦੀ ਢਾਂਚੇ, ਅਡਵਾਂਸ ਤਕਨਾਲੋਜੀ ਅਤੇ ਉੱਚ ਗੁਣਵੱਤਾ ਵਾਲੀਆਂ ਕਲਿਨਿਕਲ ਸੇਵਾਵਾਂ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਕੇ ਇੱਕ ਮਜ਼ਬੂਤ ਸਿਹਤ ਸੇਵਾ ਇਕੋਸਿਸਟਮ ਤਿਆਰ ਕਰਨ ਲਈ ਵਚਨਬੱਧ ਹੈ। ਇਸ ਤਰ੍ਹਾਂ ਦੀਆਂ ਪ੍ਰੋਜੈਕਟਾਂ ਜਿੱਥੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਦੀਆਂ ਹਨ, ਉੱਥੇ ਹੀ ਸੂਬੇ ਦੇ ਨਿਵੇਸ਼ ਇਕੋਸਿਸਟਮ ਨੂੰ ਵੀ ਮਜ਼ਬੂਤ ਬਣਾਉਂਦੀਆਂ ਹਨ।
