08 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਦਾਅਵਾ ਕੀਤਾ ਕਿ ਵਿਰੋਧੀ ਗੱਠਜੋੜ ਆਉਣ ਵਾਲੀਆਂ ਚੋਣਾਂ ਵਿੱਚ 126 ਵਿਧਾਨ ਸਭਾ ਹਲਕਿਆਂ ਵਿੱਚੋਂ ਲਗਪਗ 73 ਸੀਟਾਂ ਜਿੱਤ ਕੇ ਅਸਾਮ ਵਿੱਚ ਸਰਕਾਰ ਬਣਾਏਗਾ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੂੰ ਭਾਰਤ ਦਾ ‘ਸਭ ਤੋਂ ਭ੍ਰਿਸ਼ਟ’ ਮੁੱਖ ਮੰਤਰੀ ਕਰਾਰ ਦਿੰਦਿਆਂ ਕਿਹਾ ਕਿ ਆਰ ਐੱਸ ਐੱਸ ਮੁਖੀ ਮੋਹਨ ਭਾਗਵਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਟਿੱਪਣੀ ਕਰਨੀ ਚਾਹੀਦੀ ਹੈ। ਖੜਗੇ ਨੇ ਦਾਅਵਾ ਕੀਤਾ, ‘‘ਕਾਂਗਰਸ ਦੀ ਅਗਵਾਈ ਵਾਲਾ ਗੱਠਜੋੜ ਅਸਾਮ ਵਿੱਚ ਅਗਲੀ ਸਰਕਾਰ ਬਣਾਉਣ ਜਾ ਰਿਹਾ ਹੈ। ਅਸੀਂ 72-73 ਸੀਟਾਂ ਜਿੱਤਾਂਗੇ।’’ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਵੇਖਣ ਟੀਮ ਨੇ ਜ਼ਮੀਨੀ ਪੱਧਰ ਤੋਂ ਫੀਡਬੈਕ ਦਿੱਤੀ ਹੈ ਕਿ ਵਿਰੋਧੀ ਗੱਠਜੋੜ ਦੀ ਯਕੀਨੀ ਤੌਰ ’ਤੇ ਸਰਕਾਰ ਬਣੇਗੀ। ਕਾਂਗਰਸ ਪ੍ਰਧਾਨ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਮੰਤਰੀ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ, ‘‘ਭਾਰਤ ਵਿੱਚ ਕੋਈ ਵੀ ਮੁੱਖ ਮੰਤਰੀ ਉਨ੍ਹਾਂ (ਸਰਮਾ) ਵਾਂਗ ਹੰਕਾਰੀ ਨਹੀਂ ਹੈ।’’ ਹਿਮੰਤਾ ਬਿਸਵਾ ਸ਼ਰਮਾ ਦੀ ਪਤਨੀ ਕੋਲ ਤਿੰਨ ਵਿਦੇਸ਼ੀ ਪਾਸਪੋਰਟ ਹੋਣ ਦੇ ਕਾਂਗਰਸ ਬੁਲਾਰੇ ਪਵਨ ਖੇੜਾ ਦੇ ਦੋਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਸਾਰੀਆਂ ਏਜੰਸੀਆਂ ਕੇਂਦਰ ਸਰਕਾਰ ਦੇ ਅਧੀਨ ਹਨ, ਜਿਨ੍ਹਾਂ ਨੂੰ ਇਨ੍ਹਾਂ ਦੋਸ਼ਾਂ ਦੀ ਜਾਂਚ ਕਰਨੀ ਚਾਹੀਦੀ ਹੈ।
