09 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਨਿਵੇਸ਼ ਪ੍ਰੋਤਸਾਹਨ ਬਿਊਰੋ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ ਈ ਓ) ਅਮਿਤ ਢਾਕਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਨੂੰ 2025—26 ਦੌਰਾਨ 60,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਹਾਸਲ ਹੋਏ ਹਨ। ਸੂਬਾ ਸਰਕਾਰ ਨੇ ਆਉਣ ਵਾਲੇ ਵਿੱਤੀ ਵਰ੍ਹੇ ਲਈ 75,000 ਕਰੋੜ ਰੁਪਏ ਦਾ ਟੀਚਾ ਨਿਰਧਾਰਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਵੀਂ ਸਨਅਤੀ ਤੇ ਕਾਰੋਬਾਰ ਵਿਕਾਸ ਨੀਤੀ-2026 ਵਿਸਤ੍ਰਿਤ ਸਲਾਹ-ਮਸ਼ਵਰੇ ਮਗਰੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਪਸੰਦੀਦਾ ਨਿਵੇਸ਼ ਕੇਂਦਰ ਵਜੋਂ ਉਭਰਿਆ ਹੈ ਅਤੇ ਸੂਬਾ ਸਰਕਾਰ ਜਲਦੀ ਹੀ ਨਵੀਂ ਸਨਅਤੀ ਪਾਰਕ ਨੀਤੀ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਜ਼ੀਰੋ ਲਿਕੁਇਡ ਡਿਸਚਾਰਜ ਅਪਣਾਉਣ ਵਾਲੀਆਂ ਮੌਜੂਦਾ ਉਦਯੋਗਿਕ ਇਕਾਈਆਂ ਨੂੰ 10 ਕਰੋੜ ਰੁਪਏ ਤੱਕ ਦਾ ਪ੍ਰੋਤਸਾਹਨ ਦਿੱਤਾ ਜਾਵੇਗਾ; ਨਵੇਂ ਉਦਯੋਗਾਂ ਨੂੰ ਲਾਗੂ ਯੋਜਨਾਵਾਂ ਹੇਠ 100 ਫ਼ੀਸਦ ਤੱਕ ਪ੍ਰੋਤਸਾਹਨ ਮਿਲੇਗਾ, ਜਦਕਿ ਝੋਨੇ ਦੀ ਪਰਾਲੀ ਆਧਾਰਿਤ ਬਾਇਲਰ ਪਲਾਂਟ ਲਗਾਉਣ ਵਾਲੀਆਂ ਇਕਾਈਆਂ ਨੂੰ 7.5 ਕਰੋੜ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ।
