10 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਮਿਲਾਵਟ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਸਿਹਤ ਮੰਤਰੀ ਵੱਲੋਂ ਈਟ ਰਾਈਟ ਮੇਲੇ ’ਚ ਮਿਲੇਟਸ ਅਪਣਾਉਣ ਦੀ ਅਪੀਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮੂਲ ਅਨਾਜਾਂ (ਮਿਲੇਟਸ) ਦੀ ਵਰਤੋਂ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ “ਤੰਦਰੁਸਤ ਤੇ ਖੁਸ਼ਹਾਲ ਪੰਜਾਬ” ਦੀ ਸਿਰਜਣਾ ਲਈ ਲੋਕਾਂ ਨੂੰ ਮੋਟੇ ਅਨਾਜਾਂ ਦੀ ਵਰਤੋਂ ਵੱਲ ਵਧਾਉਣਾ ਸਮੇਂ ਦੀ ਲੋੜ ਹੈ। ਉਹ ਅੱਜ ਬਹਾਵਲਪੁਰ ਪੈਲੇਸ ਵਿਖੇ ਆਯੋਜਿਤ “ਈਟ ਰਾਈਟ ਮਿਲੇਟ ਮੇਲਾ-2026” ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਹਰ ਪੰਜਾਬੀ ਸਿਹਤਮੰਦ ਹੋਵੇਗਾ ਤਾਂ ਹੀ “ਰੰਗਲਾ ਪੰਜਾਬ” ਦਾ ਸੁਪਨਾ ਸਾਕਾਰ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਮਿਲੇਟਸ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬਾ ਪੱਧਰੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਾਫ-ਸੁਥਰਾ ਅਤੇ ਸ਼ੁੱਧ ਖਾਣਾ ਉਪਲਬਧ ਕਰਵਾਉਣ ਲਈ ਪੱਕੇ ਇਰਾਦੇ ਨਾਲ ਕੰਮ ਕੀਤਾ ਜਾ ਰਿਹਾ ਹੈ। ਖਾਣੇ ਵਿੱਚ ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਕਿਸਮ ਦੀ ਖਾਣੇ ਵਿੱਚ ਮਿਲਾਵਟ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ 9464494180 ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਿਕਾਇਤਕਰਤਾ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਜੇਕਰ ਸੈਂਪਲ ਠੀਕ ਪਾਇਆ ਗਿਆ ਤਾਂ ਸੰਬੰਧਤ ਵਪਾਰੀ ਨੂੰ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਡਾ. ਬਲਬੀਰ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਫੂਡ ਸੇਫਟੀ ਅਧਿਕਾਰੀ ਹਰ ਰੋਜ਼ ਸਵੇਰੇ 9 ਤੋਂ 11 ਵਜੇ ਤੱਕ ਮੌਕੇ ਤੇ ਮੌਜੂਦ ਰਹਿਣਗੇ ਅਤੇ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਵਿੱਚ ਮੋਬਾਈਲ ਲੈਬੋਰਟਰੀ ਵੀ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਖਾਣ-ਪੀਣ ਦੇ ਕਾਰੋਬਾਰ ਨਾਲ ਜੁੜੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਤਪਾਦਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਫਾਈ ਅਤੇ ਗੁਣਵੱਤਾ ਦੇ ਮਿਆਰਾਂ ਦੀ ਪਾਲਣਾ ਕਰਨ। ਇਸ ਮੌਕੇ ਕਮਿਸ਼ਨਰ ਫੂਡ ਐਂਡ ਐਡਮਿਨਿਸਟ੍ਰੇਸ਼ਨ ਪੰਜਾਬ ਕੰਵਲਪ੍ਰੀਤ ਬਰਾੜ, ਐੱਸਡੀਐੱਮ ਗੁਰਦੇਵ ਸਿੰਘ ਧੰਮ, ਜੁਆਇੰਟ ਕਮਿਸ਼ਨਰ ਫੂਡ ਡਾ ਅਮਿਤ ਜੋਸ਼ੀ, ਲੈਬ ਇੰਚਾਰਜ ਰਵਨੀਤ ਕੌਰ, ਡੀਐੱਚਓ ਕਮ ਨੋਡਲ ਅਫ਼ਸਰ ਫੂਡ ਡਾ ਗੁਰਪ੍ਰੀਤ ਕੌਰ, ਫੂਡ ਸੇਫਟੀ ਅਫ਼ਸਰ ਗੌਰਵ ਕੁਮਾਰ, ਤਰੁਣ ਬਾਂਸਲ, ਲਵਪ੍ਰੀਤ ਸਿੰਘ ਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
