13 ਅਪ੍ਰੈਲ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਨੇ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਿੱਲ ਪਾਸ ਕਰਨ ਲਈ 13 ਅਪਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਪੇਸ਼ ਕੀਤਾ ਜਾਵੇਗਾ। ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਬਿੱਲ ਨੂੰ ਲੈ ਕੇ ਸੂਬਾ ਸਰਕਾਰ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਵੱਲੋਂ ਆਪੋ-ਆਪਣੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਲੰਘੇ ਦਿਨ ਮੰਤਰੀ ਮੰਡਲ ਦੀ ਮੀਟਿੰਗ ਵਿੱਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਵਿੱਚ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ।
ਨਾਕਾਮੀਆਂ ਦੀ ਪਰਦਾਪੋਸ਼ੀ ਲਈ ਵਿਸ਼ੇਸ਼ ਸੈਸ਼ਨ ਸੱਦਿਆ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਨੇ 13 ਅਪਰੈਲ ਨੂੰ ਬੇਅਦਬੀਆਂ ਖ਼ਿਲਾਫ਼ ਨਵਾਂ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਸਿਰਫ਼ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਸੱਦਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ 4 ਸਾਲ ਸੱਤਾ ਵਿੱਚ ਰਹਿਣ ਦੇ ਬਾਵਜੂਦ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ। ਉਨ੍ਹਾਂ ਸਵਾਲ ਕੀਤਾ ਕਿ ‘ਆਪ’ ਬੇਅਦਬੀ ਅਤੇ ਬਾਅਦ ਵਿੱਚ ਮੁਜ਼ਾਹਰਾਕਾਰੀਆਂ ਦੀ ਹੱਤਿਆ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੇਣ ਵਿੱਚ ਨਾਕਾਮ ਕਿਉਂ ਰਹੀ ਹੈ? ‘ਆਪ’ ਸਮੇਂ-ਸਮੇਂ ’ਤੇ ਮੁਸ਼ਕਲ ਹਾਲਾਤ ਤੋਂ ਬਚਣ ਲਈ ਵਾਰ-ਵਾਰ ਸਪੈਸ਼ਲ ਸੈਸ਼ਨਾਂ ਦਾ ਸਹਾਰਾ ਲੈਂਦੀ ਰਹੀ ਹੈ।
