ਹੁਸ਼ਿਆਰਪੁਰ 05 ਮਈ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ’ਚ ਹੈ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,000 ਰੁਪਏ ਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦੀ ਸਨਮਾਨ ਰਾਸ਼ੀ ਤੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲਦੀ ਰਹੇਗੀ। ਇਹ ਗੱਲ ਮੁੱਖ ਮੰਤਰੀ ਨੇ ਐਤਵਾਰ ਸ਼ਾਮ ਨੂੰ ਦਸੂਆ ਵਿਧਾਨ ਸਭਾ ਹਲਕੇ ਦੇ ਪਿੰਡ ਘੋਗਰਾ ਵਿਖੇ ਵਿਸ਼ਾਲ ‘ਲੋਕ ਮਿਲਣੀ’ ਨੂੰ ਸੰਬੋਧਨ ਦੌਰਾਨ ਕਹੀ।
ਭਾਵੁਕ ਤੇ ਜੋਸ਼ੀਲੇ ਅੰਦਾਜ਼ ’ਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਰਸਮੀ ਭਾਸ਼ਣ ਦੇਣ ਨਹੀਂ, ਸਗੋਂ ਲੋਕਾਂ ਨਾਲ ਉਨ੍ਹਾਂ ਦੇ ਚੁੱਲ੍ਹੇ, ਖੇਤਾਂ, ਬੱਚਿਆਂ ਦੀ ਪੜ੍ਹਾਈ, ਨੌਕਰੀਆਂ ਤੇ ਘਰੇਲੂ ਜ਼ਰੂਰਤਾਂ ਬਾਰੇ ਗੱਲਬਾਤ ਕਰਨ ਆਏ ਹਨ। ਪਿਛਲੀਆਂ ਸਰਕਾਰਾਂ ਨੇ ਕਦੇ ਲੋਕਾਂ ਨਾਲ ਇਸ ਤਰ੍ਹਾਂ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨਹੀਂ ਸੁਣੀਆਂ। ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਵਰ੍ਹਦਿਆਂ ਕਿਹਾ ਕਿ ਆਜ਼ਾਦੀ ਦੇ 80 ਸਾਲ ਹੋਣ ਵਾਲੇ ਹਨ ਤੇ ਤਿੰਨ ਪੀੜ੍ਹੀਆਂ ਬਰਬਾਦ ਹੋ ਗਈਆਂ। ਉਹ ਆਪਣੀਆਂ ਗੱਲਾਂ ਮਾਰ ਕੇ ਤੁਰ ਜਾਂਦੇ ਰਹੇ। ਵਿਰੋਧੀ ਪਾਰਟੀਆਂ ਨੇ ਲੋਕਾਂ ਨੂੰ ਲੁੱਟਿਆ ਤੇ ਸਿਰਫ਼ ਆਪਣੇ ਪਰਿਵਾਰਾਂ ਦੇ ਹਿਤਾਂ ਦੀ ਰੱਖਿਆ ਕੀਤੀ। ਲੋਕਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਦੇਖਿਆ। ਉਨ੍ਹਾਂ ਕਿਹਾ ਕਿ ਪਹਿਲਾਂ ਜਨਤਾ ਦਾ ਪੈਸਾ ਨੇਤਾਵਾਂ ਦੀ ਜੇਬ ’ਚ ਜਾਂਦਾ ਸੀ। ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਇਹ ਪੈਸਾ ਸਿਰਫ਼ ਲੋਕਾਂ ’ਤੇ ਖ਼ਰਚ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਮੈਂ ਕਦੀ ਜਨਤਾ ਦੇ ਖਜ਼ਾਨੇ ਦਾ ਇਕ ਪੈਸਾ ਨਹੀਂ ਮੰਗਿਆ, ਬਲਕਿ ਮੈਂ ਇਹ ਯਕੀਨੀ ਬਣਾਇਆ ਕਿ ਟੈਕਸ ਦਾਤਿਆਂ ਦਾ ਇਕ ਇਕ ਰੁਪਿਆ ਜਨਤਾ ਦੀ ਭਲਾਈ ਲਈ ਖ਼ਰਚ ਕੀਤਾ ਜਾਵੇ।
ਨਸ਼ਿਆਂ ਦੇ ਮਸਲੇ ’ਤੇ ਬੋਲਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਚਿੱਟੇ ਦੀ ਦਲਦਲ ’ਚ ਧੱਕਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦਾ ਨਾਂ ਲੈਂਦਿਆਂ ਵਿਰੋਧੀਆਂ ’ਤੇ ਸਿੱਧਾ ਹਮਲਾ ਕੀਤਾ ਤੇ ਕਿਹਾ ਕਿ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਦੇ ਘੇਰੇ ’ਚ ਲਿਆਂਦਾ ਜਾਵੇਗਾ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਤੇ ਸਿੱਧਾ ਹਮਲਾ ਕਰਦੇ ਹੋਏ ਕਿਹਾ ਕਿ ਉਸ ਨੂੰ ਦਿੱਤੀ ਗਈ ਹਰ ਵੋਟ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰਾਬਣੀ ਦੀ ਬੇਅਦਬੀ ਦੇ ਪੱਖ ’ਚ ਹੋਵੇਗੀ। ਉਨ੍ਹਾਂ ਕਿਹਾ ਕਿ ਸਾਬਕਾ ਉੱਪ ਮੁੱਖ ਮੰਤਰੀ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸੂਬੇ ਦਾ ਵਿਕਾਸ ਹੋਇਆ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਤੇ ਹੋਰ ਥਾਵਾਂ ’ਤੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਨਿਰਦੋਸ਼ਾਂ ਦੀ ਹੱਤਿਆ ਤੋਂ ਅੱਖਾਂ ਬੰਦ ਕਰ ਲੈਂਦੇ ਹਨ। ਮਾਨ ਨੇ ਕਿਹਾ ਕਿ ਬੇਅਦਬੀ ਦੇ ਮਸਲੇ ’ਤੇ ਪਿਛਲੀਆਂ ਸਰਕਾਰਾਂ ਨੇ ਕੋਈ ਕਾਨੂੰਨ ਨਹੀਂ ਬਣਾਇਆ, ਜਦਕਿ ਮੌਜੂਦਾ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਇਆ ਹੈ।
ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਇਸ ਪਾਰਟੀ ’ਚ ਹਰ ਨੇਤਾ ਸੂਬੇ ਦਾ ਮੁੱਖ ਮੰਤਰੀ ਬਣਨ ਦੀ ਖ਼ਾਹਸ਼ ਰੱਖਦਾ ਹੈ ਤੇ ਉਨ੍ਹਾਂ ਕੋਲ ਚੋਣਾਂ ’ਚ ਕੰਮ ਕਰਨ ਲਈ ਸਾਧਾਰਨ ਵਰਕਰਾਂ ਦੀ ਤੁਲਨਾ ’ਚ ਜ਼ਿਆਦਾ ਮੁੱਖ ਮੰਤਰੀ ਹਨ।
ਮਾਨ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਸੂਬੇ ਨੂੰ ਬਦਨਾਮ ਕਰਨ ਦੇ ਤਰੀਕੇ ਲੱਭ ਰਹੀਆਂ ਹਨ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਸਬੇ ਦੇ ਵਿਕਾਸ ਨੂੰ ਪਚਾ ਨਹੀਂ ਪਾ ਰਹੇ, ਜਿਸ ਕਾਰਨ ਮੇਰੇ ਖ਼ਿਲਾਫ਼ ਨਿੱਜੀ ਹਮਲੇ ਕੀਤੇ ਜਾ ਰਹੇ ਹਨ। ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਬਚਿਆ, ਇਸ ਹਾਲਤ ’ਚ ਉਹ ਰੋਜ਼ਾਨਾ ਸੂਬਾ ਸਰਕਾਰ ਨੂੰ ਬਦਨਾਮ ਕਰਨ ਦੇ ਤਰੀਕੇ ਲੱਭ ਰਹੀਆਂ ਹਨ।
