ਕਰਤਾਰਪੁਰ, 3 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ।
ਇਥੇ ਇਕ ਚੈਰੀਟੇਬਲ ਹਸਪਤਾਲ ਦਾ ਉਦਘਾਟਨ ਕਰਨ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 829 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੋਲ੍ਹੇ ਗਏ ਇਹ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਕਿਉਂਜੋ ਇਨ੍ਹਾਂ ਕੇਂਦਰਾਂ ਵਿੱਚ ਲੱਖਾਂ ਲੋਕਾਂ ਨੂੰ ਬਿਹਤਰੀਨ ਇਲਾਜ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਹਮੇਸ਼ਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਰਹੀ ਹੈ ਅਤੇ ਇਨ੍ਹਾਂ ਦੋਵਾਂ ਖੇਤਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੂਬਾ ਸਰਕਾਰ ਲਗਾਤਾਰ ਕਾਰਜਸ਼ੀਲ ਹੈ।
ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਤਹਿਤ ਸਰਕਾਰ ਨੇ 600 ਯੂਨਿਟ ਮੁਫ਼ਤ ਬਿਜਲੀ, ਸਕੂਲ ਆਫ ਐਮੀਨੈਂਸ, ਮੁੱਖ ਮੰਤਰੀ ਤੀਰਥ ਯਾਤਰਾ, ਘਰ ਬੈਠੇ ਸੇਵਾਵਾਂ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 1076, ਘਰ-ਘਰ ਰਾਸ਼ਨ, ‘ਆਪ ਦੀ ਸਰਕਾਰ, ਆਪ ਦੇ ਦੁਆਰ’ ਆਦਿ ਸਮੇਤ ਕਈ ਲੋਕਪੱਖੀ ਪਹਿਲਕਦਮੀਆਂ ਕੀਤੀਆਂ ਹਨ।
![](https://punjabikhabarnama.com/wp-content/uploads/2024/03/WhatsApp-Image-2024-03-03-at-9.05.21-PM.jpeg)