ਚੰਡੀਗੜ੍ਹ, 13 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਹੁਣ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਮਹੀਨੇ ਦੇ ਅਖੀਰ ਵਿੱਚ ਪੰਜਾਬ ਆ ਸਕਦੇ ਹਨ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਸਕਦੇ ਹਨ।
ਇਸ ਤੋਂ ਇਲਾਵਾ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਅਤੇ ਧੜੇਬੰਦੀ ਦੇ ਮੱਦੇਨਜ਼ਰ ਇਸ ਦੌਰੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਜੇਕਰ ਦੌਰਾ ਤੈਅ ਹੁੰਦਾ ਹੈ ਤਾਂ ਰਾਹੁਲ ਗਾਂਧੀ ਦੀ ਮੀਟਿੰਗ ਵਿੱਚ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ’ਤੇ ਚਰਚਾ ਹੋ ਸਕਦੀ ਹੈ।
