ਮੁਹਾਲੀ 28 ਅਗਸਤ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਸਬੰਧੀ ਵੀਰਵਾਰ ਨੂੰ ਮੁਹਾਲੀ ਸਥਿਤ ਪਾਵਰਕਾਮ ਦੇ ਗੈਸਟ ਹਾਊਸ ਵਿਚ ਐੱਸਕੇਐੱਮ ਦੀ ਪ੍ਰਬੰਧਕੀ ਕਮੇਟੀ ਦੀ ਚੰਡੀਗੜ੍ਹ ਤੇ ਮੁਹਾਲੀ ਪੁਲਿਸ ਪ੍ਰਸ਼ਾਸਨ ਦੇ ਆਲਾ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਮੋਰਚੇ ਲਈ ਥਾਂ ਤੈਅ ਕਰ ਦਿੱਤੀ ਗਈ।
ਪ੍ਰਸ਼ਾਸਨ ਨੇ ਕਿਸਾਨਾਂ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡਾ ਸੜਕ ’ਤੇ ਚੰਡੀਗੜ੍ਹ ਦੀ ਹੱਦ ਤੋਂ ਬੈਸਟੈੱਕ ਮਾਲ ਤੱਕ ਸੜਕ ਦੇ ਇਕ ਪਾਸੇ ਧਰਨਾ ਲਾਉਣ ਲਈ ਜਗ੍ਹਾ ਅਲਾਟ ਕੀਤੀ ਹੈ। ਪ੍ਰਸ਼ਾਸਨ ਵੱਲੋਂ ਧਰਨੇ ਦੌਰਾਨ ਪੀਣ ਵਾਲੇ ਪਾਣੀ, ਸਫ਼ਾਈ, ਮੋਬਾਈਲ ਪਖਾਨਿਆਂ ਅਤੇ ਆਵਾਜਾਈ ਨੂੰ ਸੁਚਾਰੂ ਰੱਖਣ ਦੇ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਗਿਆ।
ਮੀਟਿੰਗ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਬਲਦੇਵ ਸਿੰਘ ਨਿਹਾਲਗੜ੍ਹ, ਹਰਮੀਤ ਸਿੰਘ ਕਾਦੀਆਂ, ਪ੍ਰੇਮ ਸਿੰਘ ਭੰਗੂ, ਜਗਮੋਹਨ ਸਿੰਘ ਉੱਪਲ, ਦਲਬੀਰ ਸਿੰਘ, ਰਵਨੀਤ ਸਿੰਘ ਬਰਾੜ ਅਤੇ ਪਰਮਦੀਪ ਸਿੰਘ ਬੈਦਵਾਨ ਤੋਂ ਇਲਾਵਾ ਰੂਪਨਗਰ ਰੇਂਜ ਦੇ ਡੀਆਈਜੀ ਡਾ. ਨਾਨਕ ਸਿੰਘ, ਚੰਡੀਗੜ੍ਹ ਦੀ ਐੱਸਐੱਸਪੀ ਕੰਵਰਦੀਪ ਕੌਰ ਅਤੇ ਮੁਹਾਲੀ ਦੇ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਮੌਜੂਦ ਸਨ।
ਇਹ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ
ਸਿਧਾਂਤ ਤੇ ਸੰਵਿਧਾਨ ਦੇ ਆਧਾਰ ’ਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਵਿਵਾਦ ਦਾ ਹੱਲ।
ਪੰਜਾਬ ਪੁਨਰਗਠਨ ਐਕਟ-1966 ਦੀਆਂ ਧਾਰਾਵਾਂ 78, 79 ਅਤੇ 80 ਰੱਦ ਕੀਤੀਆਂ ਜਾਣ।
ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ।
ਅਮਰੀਕਾ ਨਾਲ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ।
ਕਣਕ, ਝੋਨੇ ਸਮੇਤ ਸਾਰੀਆਂ ਫ਼ਸਲਾਂ ’ਤੇ ਸੀ2+50 ਫ਼ੀਸਦੀ ਫਾਰਮੂਲੇ ਅਨੁਸਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ।
ਡੈਮ ਸੇਫਟੀ ਐਕਟ, ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਰੱਦ ਕੀਤੇ ਜਾਣ।
ਕਿਸਾਨਾਂ ਤੇ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ/ਸਮਾਜਿਕ ਸੁਰੱਖਿਆ ਦਿੱਤੀ ਜਾਵੇ।
31 ਅਗਸਤ ਤੋਂ ਪਹੁੰਚਣਗੇ ਕਿਸਾਨ
ਕਿਸਾਨ ਆਗੂਆਂ ਨੇ ਦੱਸਿਆ ਕਿ ਮੋਰਚੇ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਪੰਜਾਬ ਭਰ ਤੋਂ ਕਿਸਾਨ 31 ਅਗਸਤ ਦੀ ਸ਼ਾਮ ਜਾਂ ਰਾਤ ਅਤੇ 1 ਸਤੰਬਰ ਦੀ ਸਵੇਰ ਨੂੰ ਟਰੈਕਟਰ-ਟਰਾਲੀਆਂ, ਰਾਸ਼ਨ ਤੇ ਹੋਰ ਲੋੜੀਂਦੇ ਸਾਮਾਨ ਨਾਲ ਚੰਡੀਗੜ੍ਹ ਪਹੁੰਚਣਗੇ। ਪਿੰਡਾਂ ਦੀਆਂ ਸੱਥਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ।
